ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਅਕਤੂਬਰ
ਪਾਕਿਸਤਾਨ ਸਥਿਤ ਹਸਨ ਅਬਦਾਲ ਰੇਲਵੇ ਸਟੇਸ਼ਨ ’ਤੇ ਅੱਜ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸੇ ਰੇਲਵੇ ਸਟੇਸ਼ਨ ’ਤੇ 100 ਸਾਲ ਪਹਿਲਾਂ ਇਹ ਸ਼ਹੀਦੀ ਸਾਕਾ ਵਾਪਰਿਆ ਸੀ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਹੌਰ ਦੀ ਮਿਨਹਾਜ ਯੂਨੀਵਰਸਿਟੀ ਵਿੱਚ ਹੋਈ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ਸ਼ਮੂਲੀਅਤ ਕੀਤੀ।
ਸ਼ਤਾਬਦੀ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਸਵੇਰੇ 30 ਅਕਤੂਬਰ ਨੂੰ ਪੈਣਗੇ। ਸ਼ਤਾਬਦੀ ਸਮਾਗਮਾਂ ਦੇ ਤਹਿਤ ਹੀ ਅੱਜ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਗੁਰਮਤਿ ਸਮਾਗਮ ਤਹਿਤ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਭਾਰਤ ਤੋਂ ਗਏ ਸਿੱਖ ਜਥੇ ਦੇ ਮੈਂਬਰਾਂ ਨੇ ਵੀ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਜਥੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਭਾਈ ਮਨਜੀਤ ਸਿੰਘ, ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਆਦਿ ਸ਼ਾਮਲ ਹਨ। ਕੀਰਤਨ ਸਮਾਗਮ ਵਿੱੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਔਕਾਫ ਬੋਰਡ ਦੇ ਅਧਿਕਾਰੀ ਵੀ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਸਥਾਨਕ ਸਿੱਖ ਸੰਗਤ ਨੇ ਵੀ ਸ਼ਮੂਲੀਅਤ ਕੀਤੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੀਐੱਸਜੀਪੀਸੀ ਅਤੇ ਔਕਾਫ ਬੋਰਡ ਦੇ ਸਹਿਯੋਗ ਨਾਲ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਸ਼ਹੀਦੀ ਸਾਕੇ ਦੀ ਯਾਦ ਵਿੱਚ ਯਾਦਗਾਰ ਬਣਾਉਣ ਦੀ ਯੋਜਨਾ ਹੈ। ਇਸ ਦਾ ਐਲਾਨ ਭਲਕੇ ਮੁੱਖ ਸਮਾਗਮ ਦੌਰਾਨ ਕੀਤਾ ਜਾ ਸਕਦਾ ਹੈ। ਭਲਕੇ ਹੋਣ ਵਾਲੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਿੱਖ ਆਗੂਆਂ ਦਾ ਇੱਕ ਹੋਰ ਜਥਾ ਦੇਰ ਸ਼ਾਮ ਨੂੰ ਗੁਰਦੁਆਰਾ ਪੰਜਾ ਸਾਹਿਬ ਪੁੱਜ ਗਿਆ ਹੈ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਵਾਹਗਾ ਸਰਹੱਦ ’ਤੇ ਸਿੱਖ ਵਫ਼ਦ ਨੂੰ ਲੈਣ ਵਾਸਤੇ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਤੇ ਹੋਰ ਸਿੱਖ ਨੁਮਾਇੰਦੇ ਪੁੱਜੇ ਹੋਏ ਸਨ। ਜਾਣਕਾਰੀ ਅਨੁਸਾਰ ਲਾਹੌਰ ਦੀ ਮਿਨਹਾਜ ਯੂਨੀਵਰਸਿਟੀ ਵਿੱਚ ਅੱਜ ਸਰਵ ਧਰਮ ਕਾਨਫਰੰਸ ਕਰਵਾਈ ਗਈ, ਜਿਸ ਵਿਚ ਸਿੱਖ ਧਰਮ ਦੇ ਨੁਮਾਇੰਦਿਆਂ ਸਣੇ ਹੋਰ ਧਰਮਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਸੀ ਧਰਮ ਸੰਵਾਦ ਤੇ ਗੋਸ਼ਟੀ ਦੀ ਪਰੰਪਰਾ ਜਾਰੀ ਰਹਿਣੀ ਚਾਹੀਦੀ ਹੈ। ਇਸ ਨਾਲ ਦੂਜੇ ਧਰਮਾਂ ਨੂੰ ਜਾਨਣ ਦਾ ਵੀ ਮੌਕਾ ਮਿਲਦਾ ਹੈ। ਕਾਨਫਰੰਸ ਵਿੱਚ ਪੀਐੱਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਤੇ ਹੋਰ ਸਿੱਖ ਨੁਮਾਇੰਦੇ ਸ਼ਾਮਲ ਸਨ।