ਆਤਿਸ਼ ਗੁਪਤਾ
ਚੰਡੀਗੜ੍ਹ, 20 ਨਵੰਬਰ
ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਵੋਟਿੰਗ ਫੀਸਦੀ ਦੇ ਸਹੀ ਅੰਕੜੇ ਦੇਰ ਰਾਤ ਜਾਰੀ ਕੀਤੇ ਜਾਣਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਹੋਈ। ਡੇਰਾ ਬਾਬਾ ਨਾਨਕ ਵਿੱਚ 63 ਫ਼ੀਸਦੀ, ਬਰਨਾਲਾ ਵਿੱਚ 54 ਫ਼ੀਸਦੀ ਅਤੇ ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਹੋਈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।
ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲੀਸ ਦੇ ਅਧਿਕਾਰੀਆਂ, ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲੀਸ ਬਲਾਂ, ਪੋਲਿੰਗ ਅਫ਼ਸਰਾਂ, ਵਾਲੰਟੀਅਰਾਂ ਅਤੇ ਚੋਣ ਅਮਲੇ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ।
—————————————————————————————————————————–
ਹਲਕਾ ਡੇਰਾ ਬਾਬਾ ਨਾਨਕ ਤੋਂ ਕਥਿਤ ਝੜਪ ਦਾ ਮਾਮਲਾ ਸਾਹਮਣੇੇ ਆਇਆ
Dera Baba Nanak, Punjab: Congress leader Sukhjinder Singh Randhawa says, “I won’t come here. If I get beaten up, the police will arrest me. I don’t want to go outside. I came here on my own, and I can leave if I want to. I will stay here.If they arrest me, ask the gangsters. They… pic.twitter.com/XXOAQXsPk4
— IANS (@ians_india) November 20, 2024
—————————————————————————————————————————-
ਬਰਨਾਲਾ: ਬੀਜੇਪੀ, ਕਾਂਗਰਸ, ਆਜ਼ਾਦ ਉਮੀਦਵਾਰ ਸਮੇਤ ਸੰਸਦ ਮੈਂਬਰ ਨੇ ਵੋਟ ਪਾਈ
ਸਵੇਰ 10:00 ਵਜੇ: ਬਰਨਾਲਾ ਵਿਧਾਨ ਸਭਾ ਜਿਮਨੀ ਚੋਣ ਲਈ ਅੱਜ ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਬਾਅਦ ਦੁਪਹਿਰ ਤਿੰਨ ਵਜੇ ਤੱਕ ਹਲਕੇ ਵਿਚ 52.2 ਫ਼ੀਸਦੀ ਵੋਟਾਂ ਪੈ ਚੁੱਕੀਆਂ ਸਨ। ਸਵੇਰੇ 9 ਵਜੇ ਤੱਕ ਬਰਨਾਲਾ ਵਿਧਾਨ ਸਭਾ ਵਿੱਚ 6.8 ਪ੍ਰਤੀਸ਼ਤ ਵੋਟ ਪੋਲ ਹੋਈ ਸੀ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਪਤਨੀ ਨਾਲ ਬਰਨਾਲਾ ਦੇ ਐੱਸਡੀ ਕਾਲਜ ਦੇ ਪੋਲਿੰਗ ਬੂਥ ਵਿੱਚ ਪੋਲ ਕੀਤੀ ਗਈ। ਜਦਕਿ ਬੀਜੇਪੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਆਪਣੇ ਪਰਿਵਾਰ ਸਮੇਤ ਐਸਡੀ ਕਾਲਜ ਦੇ ਪੋਲਿੰਗ ਬੂਥ ਵਿੱਚ ਵੋਟ ਪਾਉਣ ਪਹੁੰਚੇ। ਇਸੇ ਤਰ੍ਹਾਂ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਵੱਲੋਂ ਵੀ ਆਪਣੀ ਵੋਟ ਪਾਈ ਗਈ ਹੈ। ਜਦ ਕਿ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਬੀਡੀਪੀਓ ਦਫਤਰ ਵਿੱਚ ਬਣੇ ਬੂਥ ’ਤੇ ਵੋਟ ਪਾਈ ਗਈ ਹੈ।ਪ੍ਰਸ਼ੋਤਮ ਬੱਲੀ/ਲਖਵੀਰ ਸਿੰਘ ਚੀਮਾ
————————————————————————————————————————-
ਗਿੱਦੜਬਾਹਾ ਸਵੇਰੇ 09 ਵਜੇ:
ਤਕਨੀਕੀ ਖ਼ਰਾਬੀ ਕਾਰਨ ਅੱਜ ਗਿੱਦੜਬਾਹਾ ਦੇ ਪੋਲਿੰਗ ਬੂਥ 152 ’ਤੇ ਇੱਕ ਘੰਟੇ ਤੱਕ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਚਾਲੂ ਨਹੀਂ ਹੋ ਸਕੀ। ਮਸ਼ੀਨ ਨੂੰ ਸਵੇਰੇ 8 ਵਜੇ ਦੇ ਕਰੀਬ ਠੀਕ ਕੀਤਾ ਗਿਆ। ਉਧਰ ਮੰਗਲਵਾਰ ਰਾਤ ਨੂੰ ਅੰਮ੍ਰਿਤਾ ਵੜਿੰਗ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਨਾਮ ਸੰਬੋਧਨ ਕਰਦਿਆਂ ਵੀਡੀਓ ਆਖਰੀ ਪਲਾਂ ਵਿਚ ਸੰਦੇਸ਼ ਭੇਜ ਕੇ ਉਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਰਿਪੋਰਟ-ਅਰਚਿਤ ਵਾਟਸ
——————————————————————————————————————–
ਚੰਡੀਗੜ੍ਹ, 20 ਨਵੰਬਰ
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਲਈ ਬੁੱਧਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਪੋਲਿੰਗ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਸ਼ਾਮ 6 ਵਜੇ ਬੰਦ ਹੋਵੇਗੀ। ਮੌਜੂਦਾ ਸੰਸਦ ਮੈਂਬਰਾਂ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਮਨੀ ਚੋਣਾਂ ਲਈ ਤਿੰਨ ਔਰਤਾਂ ਸਮੇਤ 45 ਉਮੀਦਵਾਰ ਮੈਦਾਨ ਵਿੱਚ ਹਨ। 831 ਪੋਲਿੰਗ ਸਟੇਸ਼ਨਾਂ ’ਤੇ 3.31 ਲੱਖ ਔਰਤਾਂ ਸਮੇਤ ਕੁੱਲ 6.96 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ 6,400 ਤੋਂ ਵੱਧ ਜਵਾਨ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 17 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਹੋਵੇਗੀ।
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਵਲ ਸਿੰਘ ਢਿੱਲੋਂ, ਸੋਹਣ ਸਿੰਘ ਠੰਡਲ ਅਤੇ ਰਵੀਕਰਨ ਸਿੰਘ ਕਾਹਲੋਂ (ਭਾਜਪਾ), ਅੰਮ੍ਰਿਤਾ ਵੜਿੰਗ ਅਤੇ ਜਤਿੰਦਰ ਕੌਰ (ਕਾਂਗਰਸ), ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਇਸ਼ਾਂਕ ਕੁਮਾਰ ਚੱਬੇਵਾਲ (ਆਪ) ਚੋਣ ਮੈਦਾਨ ਵਿੱਚ ਹਨ। ਵੜਿੰਗ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਹੈ। ਜਤਿੰਦਰ ਕੌਰ ਗੁਰਦਾਸਪੁਰ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਹਨ, ਜਿਸ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਪੀਟੀਆਈ