ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 25 ਜੁਲਾਈ
ਪੁਲੀਸ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਅਗਵਾਨ ਦੇ ਝੋਨੇ ਦੇ ਖੇਤਾਂ ਵਿੱਚੋਂ ਇਕ ਡਰੋਨ ਅਤੇ 2 ਕਿਲੋ 241 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਪੁਲੀਸ ਜ਼ਿਲ੍ਹਾ ਗੁਰਦਾਸਪੁਰ ਦੇ ਮੁਖੀ ਦਾਯਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਅੱਜ ਸਵੇਰੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਅਗਵਾਨ ਦੇ ਝੋਨੇ ਦੇ ਖੇਤਾਂ ਵਿੱਚੋਂ ਇੱਕ ਕਾਲੇ ਰੰਗ ਦਾ ਡਰੋਨ ਬਰਾਮਦ ਹੋਇਆ ਜਿਸ ’ਤੇ ਪੰਜਾਬ ਪੁਲੀਸ ਅਤੇ ਬੀਐੱਸਐੱਫ ਦੇ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਬਾਰਡਰ ਦੇ ਨਾਲ ਲੱਗਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਅਗਵਾਨ ਦੇ ਖੇਤਾਂ ਵਿੱਚੋਂ ਇਕ ਪੈਕੇਟ ਬਰਾਮਦ ਹੋਇਆ, ਜਿਸ ਨੂੰ ਚੈੱਕ ਕਰਨ ਤੇ ਪੈਕਟ ਵਿੱਚੋਂ 2 ਕਿੱਲੋ 241 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।