ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਜੂਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਮੁਹਾਲੀ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ। ਪਾਸ ਪ੍ਰਤੀਸ਼ਤਤਾ ਦੇ ਮਾਮਲੇ ਵਿੱਚ ਜ਼ਿਲ੍ਹਾ ਮੁਹਾਲੀ 17ਵੇਂ ਸਥਾਨ ’ਤੇ ਰਿਹਾ। ਸਿੱਖਿਆ ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਵਿੱਚ ਇਸ ਵੀਆਈਪੀ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸਕੂਲ ਦਾ ਕੋਈ ਵੀ ਵਿਦਿਆਰਥੀ ਆਪਣਾ ਨਾਮ ਦਰਜ ਨਹੀਂ ਕਰਵਾ ਸਕਿਆ। ਇਸ ਕਾਰਨ ਸਿੱਖਿਆ ਪ੍ਰਬੰਧਾਂ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਉਧਰ, ਖਾਨਾਪੂਰਤੀ ਲਈ ਸਿੱਖਿਆ ਵਿਭਾਗ ਦੇ ਅਧਿਕਾਰੀ ਕਹਿ ਰਹੇ ਹਨ ਕਿ ਸਮੂਹ ਸਕੂਲਾਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਅਧਿਆਪਕਾਂ ਦੇ ਵਿਸ਼ਿਆਂ ਦਾ ਨਤੀਜਾ ਮਾੜਾ ਹੋਵੇਗਾ, ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸਿਫ਼ਾਰਸ਼ ਭੇਜੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਮੁਹਾਲੀ ਜ਼ਿਲ੍ਹੇ ਦੇ 7591 ਵਿਦਿਆਰਥੀ ਅਪੀਅਰ ਹੋਏ ਸਨ। ਇਨ੍ਹਾਂ ’ਚੋਂ 7700 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 96.84 ਫੀਸਦੀ ਬਣਦੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਕਿਸੇ ਇੱਕ ਵੀ ਸਕੂਲ ਦਾ ਕੋਈ ਵਿਦਿਆਰਥੀ ਮੈਰਿਟ ਵਿੱਚ ਆਪਣੀ ਥਾਂ ਨਹੀਂ ਬਣਾ ਸਕਿਆ ਜਦੋਂਕਿ ਪਾਸ ਪ੍ਰਤੀਸ਼ਤਤਾ ਦੇ ਮਾਮਲੇ ਵਿੱਚ ਕਈ ਗੁਆਂਢੀ ਜ਼ਿਲ੍ਹੇ ਅੱਗੇ ਨਿਕਲ ਗਏ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੁੱਖ ਦਫਤਰ ਮੁਹਾਲੀ ਵਿਚ ਹੀ ਸਥਿਤ ਹੈ ਤੇ ਬੋਰਡ ਵੱਲੋਂ ਸਿੱਖਿਆ ਵਿਚ ਸੁਧਾਰ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਨਿਰਾਸ਼ਾਜਨਕ ਨਤੀਜਾ ਆਉਣ ਕਾਰਨ ਨਤੀਜੇ ਕਾਰਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਾਫ਼ੀ ਠੇਸ ਪਹੁੰਚੀ ਹੈ। ਇਹ ਪਹਿਲੀ ਵਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਮਾੜੇ ਨਤੀਜੇ ਆਉਂਦੇ ਰਹੇ ਹਨ। ਜਦੋਂਕਿ ਹੁਕਮਰਾਨ ਹਮੇਸ਼ਾ ਇਹ ਦਾਅਵੇ ਕਰਦੇ ਨਹੀਂ ਥੱਕਦੇ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੇ ਤਰਜੀਹੀ ਖੇਤਰ ਹਨ। ਇਸੇ ਦੌਰਾਨ ਮੁਹਾਲੀ ਦੇ ਪ੍ਰਾਈਵੇਟ ਸਕੂਲਾਂ ਦਾ ਵੀ ਕੋਈ ਬੱਚਾ ਮੈਰਿਟ ਵਿੱਚ ਨਹੀਂ ਆਇਆ ਹੈ।
ਜ਼ਿਲ੍ਹਾ ਰੂਪਨਗਰ: ਰਮਨਦੀਪ ਤੇ ਪ੍ਰੇਰਨਾ ਅੱਵਲ
ਰੂਪਨਗਰ/ਆਨੰਦਪੁਰ ਸਾਹਿਬ,(ਜਗਮੋਹਨ ਸਿੰਘ/ਬੀਐੱਸ ਚਾਨਾ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਵਿਦਿਆਰਥਣਾ ਪ੍ਰੇਰਨਾ ਸ਼ਰਮਾ ਪੁੱਤਰੀ ਪ੍ਰਵੀਨ ਕੁਮਾਰ, ਵਿਦਿਆਰਥਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਆਨੰਦਪੁਰ ਸਾਹਿਬ ਅਤੇ ਰਮਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਰੂਪਨਗਰ ਦੀ ਵਿਦਿਆਰਥਣ ਹੈ, ਨੇ 490/500 ਅੰਕ ਪ੍ਰਾਪਤ ਕਰਕੇ ਰੂਪਨਗਰ ਜ਼ਿਲ੍ਹੇ ਵਿੱਚ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਦੋਵੇਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਦੋਵੇਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਸਕੂਲ ਮੁਖੀਆਂ ਪ੍ਰਿੰਸੀਪਲ ਨੀਰਜ ਵਰਮਾ ਅਤੇ ਪ੍ਰਿੰਸੀਪਲ ਮਨੀ ਰਾਮ ਨੂੰ ਵਧਾਈ ਦਿੱਤੀ ਹੈ।