ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਨਤਕ ਤੇ ਇਮਾਰਤੀ ਨਿਰਮਾਣ ਦੇ ਅਹਿਮ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੂਬੇ ਵਿੱਚ ਚੱਲ ਰਹੇ ਸੜਕੀ ਤੇ ਪੁਲਾਂ ਦੇ ਕੰਮਾਂ ਨੂੰ ਮੌਜੂਦਾ ਤੇ ਅਗਲੇ ਵਿੱਤੀ ਵਰ੍ਹੇ ਵਿੱਚ ਪੂਰਾ ਕਰਨ ਲਈ 200 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਹਨ।
ਮੁੱਖ ਮੰਤਰੀ ਦੀ ਕੈਬਨਿਟ ਦੀ ਉੱਚ ਤਾਕਤੀ ਕਮੇਟੀ ਨਾਲ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸਣੇ ਪੰਜਾਬ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਮੁੱਖ ਮੰਤਰੀ ਨੇ ਕਿਹਾ ਕਿ 200 ਕਰੋੜ ਰੁਪਏ ਹੋਰ ਮਨਜ਼ੂਰ ਕਰਨ ਨਾਲ ਸੂਬੇ ਵਿੱਚ ਚੱਲ ਰਹੇ ਸੜਕੀ ਅਤੇ ਇਮਾਰਤੀ ਪ੍ਰਾਜੈਕਟਾਂ ਨੂੰ ਹੋਰ ਹੁਲਾਰਾ ਮਿਲੇਗਾ।