ਗੁਰਪ੍ਰੀਤ ਦੌਧਰ
ਅਜੀਤਵਾਲ, 21 ਸਤੰਬਰ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਉੱਥੇ ਹੀ ਕੋਚਾਂ ਦੀਆਂ ਖਾਲੀ 220 ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ। ਖੇਡ ਮੰਤਰੀ ਅੱਜ ਪਿੰਡ ਢੁੱਡੀਕੇ ਦੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਹਾਕੀ ਐਸਟ੍ਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ-ਘੱਟ ਕੌਮੀ ਪੱਧਰ ਤੱਕ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਂ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਤਹਿਤ ਕੌਮੀ ਪੱਧਰ ’ਤੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਸੀਨੀਅਰ ਅਤੇ ਜੂਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ। ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖ਼ਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਨਵੀਂ ਖੇਡ ਨੀਤੀ ਤਹਿਤ ਸਪੋਰਟਸ ਲਈ ਵੱਖਰਾ ਕਾਡਰ ਤਿਆਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।
ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ’ਤੇ ਨਤਮਸਤਕ ਹੁੰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਲ ਹੋਏ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ। ਇਸ ਦੌਰਾਨ ਉਨ੍ਹਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਦੇ ਸਰਕਾਰੀ ਕਾਲਜ ਵਿੱਚ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਮੰਤਰੀ ਦਾ ਧੰਨਵਾਦ ਕੀਤਾ।