ਜੋਗਿੰਦਰ ਸਿੰਘ ਮਾਨ
ਮਾਨਸਾ, 1 ਜੁਲਾਈ
ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ। ਇਹ ਵਾਅਦਾ ਆਮ ਆਦਮੀ ਪਾਰਟੀ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਸਾਲ ਦੇ ਬਜਟ ਪ੍ਰਸਤਾਵਾਂ ਵਿੱਚ ਮੁਫ਼ਤ ਬਿਜਲੀ ਦੇਣ ਲਈ 1800 ਕਰੋੜ ਰੁਪਏ ਰੱਖੇ ਹਨ, ਹਾਲਾਂਕਿ ਯੋਜਨਾ ਦੇ ਅੰਤਿਮ ਖਾਕੇ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਜਾਵੇਗੀ, ਜਿਸ ਦੀ ਜਲਦੀ ਹੀ ਮੀਟਿੰਗ ਹੋਣ ਦੀ ਸੰਭਾਵਨਾ ਹੈ ਪਰ ਇਹ ਸਕੀਮ ਸ਼ੁੱਕਰਵਾਰ ਤੋਂ ਲਾਗੂ ਹੋ ਗਈ। ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਅੱਜ ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਦੀ ਮੀਟਿੰਗ ਹੋਣੀ ਹੈ, ਜਿਥੇ ਸਕੀਮ ਦੇ ਵੇਰਵਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਅਨੁਸਾਰ ਪੰਜਾਬ ਵਿੱਚ 73.39 ਲੱਖ ਘਰੇਲੂ ਖਪਤਕਾਰ ਹਨ, ਜੋ ਇਸ ਸਕੀਮ ਦਾ ਲਾਭ ਲੈਣਗੇ। 60 ਲੱਖ ਤੋਂ ਵੱਧ ਖਪਤਕਾਰ ਹਰ ਮਹੀਨੇ 300 ਯੂਨਿਟ ਬਿਜਲੀ ਦੀ ਖਪਤ ਕਰਨ ਦਾ ਅਨੁਮਾਨ ਹੈ। ਇਸ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਐਲਾਨੀ ਇਸ ਸਕੀਮ ਤਹਿਤ ਜਿੱਥੇ 1 ਕਿਲੋਵਾਟ ਤੱਕ ਦਾ ਲੋਡ ਰੱਖਣ ਵਾਲੇ ਸਾਰੇ ਘਰੇਲੂ ਖਪਤਕਾਰਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਮਿਲਦੀ ਸੀ, ਨੂੰ ਹੁਣ ਨਵੀਂ ਸਕੀਮ ਵਿੱਚ ਸ਼ਾਮਲ ਕੀਤਾ ਜਾਵੇਗਾ। ਐੱਸਸੀ/ਸੀ ਅਤੇ ਬੀਪੀਐੱਲ ਖਪਤਕਾਰਾਂ ਨੂੰ 200 ਯੂਨਿਟ ਬਿਜਲੀ ਮੁਫਤ ਦੇਣ ਦੀ ਪੁਰਾਣੀ ਸਕੀਮ ਨੂੰ ਵੀ ਨਵੀਂ ਸਕੀਮ ਵਿੱਚ ਸ਼ਾਮਲ ਕੀਤਾ ਜਾਵੇਗਾ।