ਟ੍ਰਿਬਿਊਨ ਨਿਊਜ਼ ਸਵਰਿਸ
ਚੰਡੀਗੜ੍ਹ, 2 ਜੁਲਾਈ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ’ਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ, ਉਥੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮੌਜੂਦਾ ਵਰ੍ਹੇ ਲਈ ਫੰਡ ਮੁਹੱਈਆ ਕਰਵਾਉਣ ਵਾਸਤੇ 350 ਕਰੋੜ ਰੁਪਏ ਦੀ ਕਾਰਜ ਯੋਜਨਾ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ ’ਤੇ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਤ ਕੀਤੇ ਜਾਣਗੇ। ਸ੍ਰੀ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਪੋਰਟਲ agrimachinerypb.com ਉਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਵੀ ਸ਼ੁਰੂ ਕਰੇਗਾ ਕਿਉਂਕਿ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਸ਼ੀਨਾਂ ਉਤੇ ਸਬਸਿਡੀ ਦੇਣ ਦੀ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।