ਦਵਿੰਦਰ ਪਾਲ
ਚੰਡੀਗੜ੍ਹ, 26 ਸਤੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ‘ਆਪ’ ਸਰਕਾਰ ਨੂੰ ਪ੍ਰਸ਼ਾਸਕੀ ਕੰਮਾਂ ਦੀ ਸਮਝ ਤੋਂ ਕੋਰੇ ਕਰਾਰ ਦਿੰਦਿਆਂ ਕਿਹਾ ਕਿ 92 ਵਿਧਾਇਕਾਂ ਵਾਲੀ ਸਰਕਾਰ ਵੱਲੋਂ 6 ਮਹੀਨਿਆਂ ’ਚ ਹੀ ਭਰੋਸੇ ਦਾ ਵੋਟ ਲਿਆਉਣਾ ਮਜ਼ਾਕ ਤੇ ਪੰਜਾਬੀਆਂ ਨਾਲ ਧੋਖਾ ਹੈ। ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਮੀਟਿੰਗ ਲਈ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਵਿਸ਼ਵ ਪੱਧਰ ’ਤੇ ਨਾਮ ਕਮਾਇਆ ਹੈ ਅਤੇ ‘ਆਪ’ ਸਰਕਾਰ ਪੰਜਾਬੀਆਂ ਦਾ ਨਾਮ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ’ਚ ਕਾਂਗਰਸ ਦੀ ਸਰਕਾਰ ਸਮੇਂ ਰੇਤ ਅਤੇ ਹੋਰਨਾਂ ਮਾਫੀਆ ਵਿੱਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਸਬੰਧੀ ਕੋਈ ਖੁਲਾਸਾ ਕਰਨ ਤੋਂ ਇਨਕਾਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਵਿਜੀਲੈਂਸ ਕਿਸੇ ਜਾਂਚ ਦੌਰਾਨ ਪੁੱਛੇਗੀ ਤਾਂ ਸੋਚਾਂਗੇ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਕੰਮ ਚੱਢਾ ਵੱਲੋਂ ਦੇਖਣਾ ਬਹੁਤ ਹੀ ਸ਼ਰਮਨਾਕ ਤੇ ਮੰਦਭਾਗਾ ਹੈ।