ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸਿੰਘੂ ਬਾਰਡਰ ’ਤੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਵਿਧਾਇਕ ਕੁਲਬੀਰ ਸਿੰੰਘ ਜ਼ੀਰਾ ਉਪਰ ਹੋਏ ਹਮਲੇ ਪਿੱਛੇ ਕਿਸਾਨਾਂ ਦਾ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਹੱਥ ਹੈ ਜਿਨ੍ਹਾਂ ਦਾ ਇੱਕ ਨੁਕਾਤੀ ਏਜੰਡਾ ਭਾਜਪਾ ਦੇ ਇਸ਼ਾਰੇ ’ਤੇ ਗੜਬੜ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨਾ ਹੈ।
ਖੁੁਫੀਆ ਰਿਪੋਰਟਾਂ ਦੇ ਹਵਾਲੇ ਨਾਲ ਮੁੱਖ ਮੰਤਰੀ ਦਾ ਇਹ ਵੀ ਕਹਿਣਾ ਸੀ ਕਿ ‘ਆਪ’ ਵਰਕਰਾਂ ਨੇ ਕਿਸਾਨਾਂ ਵਿੱਚ ਘੁਸਪੈਠ ਕਰਕੇ ਸੋਚੀ ਸਮਝੀ ਸਾਜ਼ਿਸ਼ ਤਹਿਤ ਕਾਂਗਰਸੀ ਨੇਤਾਵਾਂ ’ਤੇ ਹਮਲਾ ਕੀਤਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਸ ਜਤਾਈ ਕਿ ਕਿਸਾਨਾਂ ਦਾ ਭਲ਼ਕੇ ਹੋਣ ਵਾਲਾ ਟਰੈਕਟਰ ਮਾਰਚ ਸ਼ਾਂਤਮਈ ਰਹੇਗਾ। ਖੇਤੀਬਾੜੀ ਬਾਰੇ ਉਚ ਤਾਕਤੀ ਕਮੇਟੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ‘ਆਪ’ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਰਾਘਵ ਚੱਢਾ ਨੂੰ ਆਪਣਾ ਮੂੰਹ ਖੋਲ੍ਹਣ ਤੋਂ ਪਹਿਲਾਂ ਤੱਥ ਖੰਘਾਲਣ ਦੀ ਲੋੜ ਹੈ।’’ ਸੂਬਿਆਂ ਦੇ ਹੱਕ ਖੋਹਣ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਖੇਤੀਬਾੜੀ ਸੂਬਾਈ ਵਿਸ਼ਾ ਹੈ, ਪਰ ਕੇਂਦਰ ਸਰਕਾਰ ਮੁਲਕ ਦੇ ਸੰਘੀ ਢਾਂਚੇ ਨੂੰ ਖੇਰੂੰ-ਖੇਰੂੰ ਕਰਨ ਲਈ ਪੱਬਾਂ ਭਾਰ ਹੋਈ ਹੈ। ਇਸ ਮੌਕੇ ਵਿਧਾਇਕ ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ, ਕਾਕਾ ਰਾਜਿੰਦਰ ਸਿੰਘ, ਹਲਕਾ ਇੰੰਚਾਰਜ ਹੈਰੀ ਮਾਨ, ਚੇਅਰਮੈਨ ਗੁਰਸ਼ਰਨ ਕੌਰ ਰੰਧਾਵਾ, ਅਸ਼ਵਨੀ ਬੱਤਾ, ਮਦਨਜੀਤ ਡਕਾਲ਼ਾ, ਰਿੱਕੀ ਮਾਨ, ਬਲਿਹਾਰ ਸ਼ਮਸ਼ਪੁਰ ਆਦਿ ਮੌਜੂਦ ਸਨ।