ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 14 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟਿਕਰੀ ਬਾਰਡਰ ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਬੀਬੀਆਂ ਜਸਵੰਤ ਕੌਰ ਸੇਖਾ ਅਤੇ ਗੁਰਜੀਤ ਕੌਰ ਭੱਠਲ ਨੇ ਕਿਹਾ ਕਿ ਕਿਸਾਨੀ ਘੋਲ ਨੇ ਆਪਣੇ ਤੇ ਬੇਗਾਨਿਆਂ ਦੀ ਪਛਾਣ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ,‘‘ਜਿਹੜੀਆਂ ਪਾਰਟੀਆਂ ਪਿਛਲੇ 73 ਸਾਲਾਂ ਤੋਂ ਵੋਟਾਂ ਵੇਲੇ ਵਿਕਾਸ ਦੇ ਵਾਅਦੇ ਕਰਦੀਆਂ ਸਨ ਪਰ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨੀ ਘੋਲ ਦੀ ਸਿਰਫ਼ ਵੋਟਾਂ ਹਾਸਲ ਕਰਨ ਲਈ ਬਿਆਨਬਾਜ਼ੀ ਰਾਹੀਂ ਹਮਾਇਤ ਕੀਤੀ ਅਤੇ ਕਿਸੇ ਵੀ ਪਾਰਟੀ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਤੇ ਵੀ ਪੱਕਾ ਮੋਰਚਾ ਨਹੀਂ ਲਾਇਆ।’’ ਰਾਜ ਕੌਰ ਕੋਟਦੁੰਨਾ ਅਤੇ ਅਮਰਜੀਤ ਕੌਰ ਬਡਬਰ ਨੇ ਕਰਨਾਲ ਵਿਚ ਹਰਿਆਣਾ ਦੀ ਖੱਟਰ ਹਕੂਮਤ ਦੇ ਇਸ਼ਾਰੇ ’ਤੇ ਕਿਸਾਨਾਂ ਦੇ ਸਿਰ ਭੰਨਣ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਨੂੰ ਲਾਹਨਤਾਂ ਪਾਈਆਂ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੀ ਕਰਨਾਲ ’ਚ ਜਿੱਤ ਅਹਿਮ ਪ੍ਰਾਪਤੀ ਹੈ ਅਤੇ ਹਰਿਆਣੇ ਦੇ ਲੋਕ ਵੀ ਹੁਣ ਜਥੇਬੰਦ ਹੋ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੋਂ ਸ਼ਾਂਤਮਈ ਰਹਿ ਕੇ ਸ਼ੰਘਰਸ ਕਰਨਾ ਅਤੇ ਜਿੱਤਣਾ ਸਿੱਖ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟ ਬਟੋਰੂ ਪਾਰਟੀਆਂ ਨੂੰ ਇਸ ਗੱਲ ਦੀ ਸ਼ਰਮ ਆਉਣੀ ਚਾਹੀਦੀ ਹੈ ਕਿ ਪੜ੍ਹੇ-ਲਿਖੇ ਨੌਜਵਾਨ ਪੱਕਾ ਰੁਜ਼ਗਾਰ ਨਾ ਮਿਲਣ ਕਰਕੇ ਖੇਤਾਂ ਵਿੱਚ ਜੀਰੀ ਲਾ ਰਹੇ ਹਨ। ਇਸ ਦੌਰਾਨ ਸੰਦੀਪ ਕੌਰ ਪੱਤੀ ਸੇਖਵਾਂ, ਬਲਵੰਤ ਕੌਰ ਭੋਤਨਾ, ਲਖਬੀਰ ਕੌਰ ਧਨੌਲਾ ਤੇ ਬਿੰਦਰਪਾਲ ਕੌਰ ਭਦੌੜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿਆਸੀ ਪਾਰਟੀਆਂ ਤੋਂ ਬਚ ਕੇ ਰਹਿਣ ਦੀ ਲੋੜ ਹੈ। ਇਸ ਮੌਕੇ ਚਰਨਜੀਤ ਕੌਰ ਭਦੌੜ, ਹਰਜਿੰਦਰ ਕੌਰ ਫਾਜ਼ਿਲਕਾ, ਕੁਲਵੰਤ ਕੌਰ ਧਨਾਡਾ, ਹਰਬੰਸ ਕੌਰ ਭੋਤਨਾ, ਤਾਜ਼ਾ ਬੇਗਮ ਕੋਟਦੁੱਨਾ ਅਤੇ ਗੁਰਮੀਤ ਕੌਰ ਡਸਕਾ ਨੇ ਵੀ ਸੰਬੋਧਨ ਕੀਤਾ।
ਦੇਸ਼ ਦੇ ਹੋਰ ਹਿੱਸਿਆਂ ’ਚ ਕਿਸਾਨ ਅੰਦੋਲਨ ਦੀ ਗੂੰਜ
ਨਵੀਂ ਦਿੱਲੀ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ 292 ਦਿਨ ਤੱਕ ਪੁੱਜਦੇ-ਪੁੱਜਦੇ ਇਸ ਦੀ ਗੂੰਜ ਹੋਰ ਰਾਜਾਂ ਵਿੱਚ ਵੀ ਸੁਣਾਈ ਦੇਣ ਲੱਗੀ ਹੈ ਤੇ ਦੱਖਣੀ ਭਾਰਤੀ ਰਾਜਾਂ ਵਿੱਚ ਵੀ ਕਿਸਾਨ ਲਾਮਬੰਦ ਹੋ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਯੋਗਿੰਦਰ ਸਿੰਘ ਯਾਦਵ ਨੇ ਦੱਸਿਆ ਕਿ 27 ਸਤੰਬਰ ਨੂੰ ਭਾਰਤ-ਬੰਦ ਤੋਂ ਪਹਿਲਾਂ ਕਿਸਾਨਾਂ ਨੇ ਬੰਗਲੁਰੂ ਵਿੱਚ ਭਾਰੀ ਗਿਣਤੀ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਹੈ।ਕਿਸਾਨ ਸੰਵਾਦ ਯਾਤਰਾ ਮਹਾਰਾਸ਼ਟਰ ਵਿੱਚ ਔਰੰਗਾਬਾਦ ਤੋਂ ਸ਼ੁਰੂ ਹੋਈ ਹੈ। ਯਾਤਰਾ 21 ਸਤੰਬਰ ਤੱਕ ਮਹਾਰਾਸ਼ਟਰ ਦੇ ਕਸਬਿਆਂ ਅਤੇ ਪਿੰਡਾਂ ਵਿੱਚੋਂ ਲੰਘੇਗੀ। ਮੱਧ ਪ੍ਰਦੇਸ਼ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਹੈ। 26 ਕਿਸਾਨ ਯੂਨੀਅਨਾਂ ਭਾਰਤ ਬੰਦ ਦਾ ਸੱਦਾ ਦੇਣ ਲਈ ਇਕੱਠੀਆਂ ਹੋਈਆਂ ਹਨ। ਹਰ ਜ਼ਿਲ੍ਹੇ ਵਿੱਚ ਮੋਟਰਸਾਈਕਲ ਰੈਲੀ ਤੇ ਮਸ਼ਾਲ ਜਲੂਸ ਕੱਢੇ ਜਾਣਗੇ।ਅੱਜ ਸੈਂਕੜੇ ਕਿਸਾਨ ਸਿੰਘੂ ਕਿਸਾਨ-ਮੋਰਚੇ ‘ਤੇ ਪਹੁੰਚੇ ਤੇ ਭਾਰਤ ਬੰਦ ਦੀਆਂ ਤਿਆਰੀਆਂ ਪੂਰੇ ਦੇਸ਼ ਵਿੱਚ ਪੂਰੇ ਜੋਸ਼ ਨਾਲ ਚੱਲ ਰਹੀਆਂ ਹਨ।
ਇੰਡੀਅਨ ਜਰਨਲਿਸਟ ਯੂਨੀਅਨ ਵੱਲੋਂ ‘ਭਾਰਤ ਬੰਦ’ ਦੇ ਸੱਦੇ ਦੀ ਹਮਾਇਤ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੰਡੀਅਨ ਜਰਨਲਿਸਟ ਯੂਨੀਅਨ ਨੇ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਦੀ ਹਮਾਇਤ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਕੇ. ਸ੍ਰੀਨਿਵਾਸ ਰੈੱਡੀ ਅਤੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਸੰਘਰਸ਼ ਨੂੰ ਸਾਢੇ 9 ਮਹੀਨੇ ਬੀਤ ਚੁੱਕੇ ਹਨ ਜਿਸ ਦੌਰਾਨ 600 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜਦੋਂ ਕਿਸਾਨਾਂ ਲਈ ਬਣਾਏ ਕਾਨੂੰਨਾਂ ਦਾ ਕਿਸਾਨ ਹੀ ਵਿਰੋਧ ਰਹੇ ਹਨ ਤਾਂ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।