ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਮਾਰਚ
ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਣ ਤੋਂ ਰੋਕੇ ਜਾਣ ਕਾਰਨ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਪ੍ਰਤੀ ਨਾਰਾਜ਼ਗੀ ਪ੍ਰਗਟਾਈ ਸੀ ਪਰ ਕੇਂਦਰ ਨੇ ਸ਼੍ਰੋਮਣੀ ਕਮੇਟੀ ਦੇ ਇੱਕ ਪੱਤਰ ਦੇ ਜਵਾਬ ਵਿੱਚ ਗੁਰੂ ਤੇਗ ਬਹਾਦਰ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਿੱਚ ਸ਼ਮੂਲੀਅਤ ਦੀ ਇੱਛਾ ਪ੍ਰਗਟਾਈ ਹੈ। ਕੇਂਦਰ ਦੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜ ਕੇ ਸ਼ਤਾਬਦੀ ਮੌਕੇ ਜਾਰੀ ਕੀਤੀ ਜਾਣ ਵਾਲੀ ਡਾਕ ਟਿਕਟ, ਡਾਕ ਲਿਫਾਫਾ ਅਤੇ ਸਿੱਕਿਆਂ ਦੇ ਡਿਜ਼ਾਈਨ ਬਾਰੇ ਸੁਝਾਅ ਮੰਗਿਆ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਤਰ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਿਜ਼ਾਈਨ ਤਿਆਰ ਕਰਨ ਵਾਸਤੇ ਇੱਕ ਕਮੇਟੀ ਬਣਾਈ ਗਈ ਹੈ, ਜੋ ਇਸ ਸਬੰਧੀ ਮਾਹਿਰਾਂ ਦੇ ਸੁਝਾਅ ਲਵੇਗੀ ਅਤੇ ਜਲਦੀ ਹੀ ਕੇਂਦਰ ਸਰਕਾਰ ਨੂੰ ਇਸ ਬਾਰੇ ਆਪਣੇ ਸੁਝਾਅ ਭੇਜੇਗੀ। ਕੇਂਦਰ ਸਰਕਾਰ ਵੱਲੋਂ ਇਹ ਡਾਕ ਟਿਕਟ, ਲਿਫਾਫੇ ਅਤੇ ਸਿੱਕੇ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪਹਿਲੀ ਮਈ ਨੂੰ ਜਾਰੀ ਕੀਤੇ ਜਾ ਸਕਦੇ ਹਨ। ਇਸੇ ਦੌਰਾਨ ਇਥੇ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਬੁਕਿੰਗ ’ਚ ਘਪਲੇ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਨੇ ਇੱਕ ਮੈਨੇਜਰ ਨੂੰ ਜੁਰਮਾਨਾ ਕੀਤਾ ਹੈ ਤੇ ਇਕ ਵਧੀਕ ਮੈਨੇਜਰ ਪੱਧਰ ਦੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਕਾਰਵਾਈ ਮੁਢਲੀ ਜਾਂਚ ਤੋਂ ਬਾਅਦ ਕੀਤੀ ਗਈ ਹੈ।