ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 26 ਅਗਸਤ
ਸਿੱਖਿਆ ਵਿਭਾਗ ਪੰਜਾਬ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਮੁੱਢੋਂ ਰੱਦ ਕਰ ਦਿੱਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਸਿੱਖਿਆ ਵਿਭਾਗ ਦੇ ਭਰਤੀ ਸੈੱਲ ਦੇ ਇੰਚਾਰਜ ਜਰਨੈਲ ਸਿੰਘ ਕਾਲਕੇ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਰਾਹੀਂ 23 ਨਵੰਬਰ, 2020 ਨੂੰ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ, ਹੁਣ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਨੇ ਅਚਾਨਕ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਰੋਕ ਕੇ ਇਸ਼ਤਿਹਾਰ ਰੱਦ ਕਰ ਦਿੱਤਾ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਉਮੀਦਵਾਰਾਂ ਨੇ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਵੇਲੇ ਜਿਸ ਖਾਤੇ ਵਿੱਚੋਂ ਫੀਸ ਭਰੀ ਹੈ, ਉਸੇ ਖਾਤੇ ਵਿੱਚ ਫੀਸ ਦੇ ਸਾਰੇ ਪੈਸੇ ਵਾਪਸ ਭੇਜ ਦਿੱਤੇ ਜਾਣਗੇ। ਉੱਧਰ, ਸਿੱਖਿਆ ਭਵਨ ਅੱਗੇ ਪੱਕਾ ਧਰਨਾ ਲਗਾ ਕੇ ਬੈਠੇ ਕੱਚੇ ਅਧਿਆਪਕ ਯੂਨੀਅਨ ਦੇ ਨੁਮਾਇੰਦੇ ਇਸ ਪੱਤਰ ਨੂੰ ਆਪਣੇ ਸੰਘਰਸ਼ ਦੀ ਵੱਡੀ ਜਿੱਤ ਦੱਸ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਨਵੇਂ ਸਿਰੇ ਤੋਂ ਅਧਿਆਪਕਾਂ ਦੀ ਭਰਤੀ ਸਬੰਧੀ ਪੰਜਾਬ ਕੈਬਨਿਟ ਦੀ ਹਰੀ ਝੰਡੀ ਮਿਲਣ ਮਗਰੋਂ ਨਵੇਂ ਨਿਯਮਾਂ ਅਨੁਸਾਰ ਇਸ਼ਤਿਹਾਰ ਜਾਰੀ ਹੋਵੇਗਾ। ਆਗੂਆਂ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਹਿੰਦੇ ਆ ਰਹੇ ਹਨ ਕਿ 8393 ਅਸਾਮੀਆਂ ਦੀ ਭਰਤੀ ਰੋਕ ਕੇ ਮੌਜੂਦਾ ਹਾਲਾਤ ਮੁਤਾਬਕ ਘੱਟੋ-ਘੱਟ 13 ਹਜ਼ਾਰ ਆਸਾਮੀਆਂ ਦੀ ਰਚਨਾ ਕੀਤੀ ਜਾਵੇ ਤਾਂ ਜੋ ਸਾਰੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਰਾਹ ਪੱਧਰਾ ਹੋ ਸਕੇ।
ਬੇਰੁਜ਼ਗਾਰਾਂ ਦੀਆਂ ਆਸਾਂ ’ਤੇ ਪਾਣੀ ਫਿਰਿਆ
ਇੱਥੋਂ ਦੇ ਫੇਜ਼-3ਬੀ-1 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਪਲੈਕਸ ਅੰਦਰ ਸਥਾਪਤ ਸਿੱਖਿਆ ਵਿਭਾਗ ਦੇ ਭਰਤੀ ਸੈੱਲ ਵਿੱਚ 8393 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਸੀ, ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਅਤੇ ਨੌਜਵਾਨ ਲੜਕੇ-ਲੜਕੀਆਂ ਨੂੰ ਸਿੱਖਿਆ ਵਿਭਾਗ ਵਿੱਚ ਨੌਕਰੀ ਮਿਲਣ ਦੀ ਆਸ ਬੱਝੀ ਸੀ ਪਰ ਹੁਣ ਤਾਜ਼ਾ ਫ਼ੈਸਲੇ ਨੇ ਨੌਜਵਾਨਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ ਹੈ। ਪਿਛਲੇ ਦਿਨੀਂ ਕੱਚੇ ਅਧਿਆਪਕਾਂ ਦੀ ਵੱਖਰੀ ਤਾਲਮੇਲ ਸੂਬਾਈ ਕਮੇਟੀ ਦੇ ਪੰਜ ਨੁਮਾਇੰਦੇ ਹੱਕਾਂ ਲਈ ਪਿੰਡ ਕੁੰਭੜਾ ਦੀ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਸਨ ਅਤੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਭਰਤੀ ਪ੍ਰਕਿਰਿਆ ਦੌਰਾਨ ਉਨ੍ਹਾਂ ਦਾ ਖਿਆਲ ਰੱਖਣ ਦਾ ਭਰੋਸਾ ਦੇ ਕੇ ਥੱਲੇ ਲਾਹਿਆ ਸੀ। ਬੇਰੁਜ਼ਗਾਰ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਨਾ ਹੋਣ ਦਾ ਖ਼ਮਿਆਜ਼ਾ ਬੇਰੁਜ਼ਗਾਰਾਂ ਨੂੰ ਭੁਗਤਣਾ ਪੈ ਰਿਹਾ ਹੈ। ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਜ਼ਮੀਨੀ ਹਕੀਕਤ ਤੋਂ ਵਾਕਿਫ਼ ਨਹੀਂ ਹਨ ਅਤੇ ਸਿੱਖਿਆ ਅਧਿਕਾਰੀ ਇਸ ਦਾ ਲਾਹਾ ਲੈਂਦਿਆਂ ਸਰਕਾਰ ਨੂੰ ਗਲਤ ਤੱਥ ਪੇਸ਼ ਕਰ ਕੇ ਗੁੰਮਰਾਹ ਕਰ ਰਹੇ ਹਨ।