ਦਵਿੰਦਰ ਪਾਲ
ਚੰਡੀਗੜ੍ਹ, 4 ਜੂਨ
ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਭਾਰਤੀ ਜਨਤਾ ਪਾਰਟੀ ’ਤੇ ਸੂਬੇ ਦੇ ਲੋਕਾਂ ਨੂੰ ਫਿਰਕੂ ਆਧਾਰ ’ਤੇ ਵੰਡਣ ਦੇ ਦੋਸ਼ ਲਾਏ ਹਨ। ਸੂਬੇ ਵਿੱਚ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਜਨਤਕ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਭਾਜਪਾ ਪੰਜਾਬ ਵਿੱਚ ਵੀ ਜਾਤੀਵਾਦ ਦਾ ਪੱਤਾ ਖੇਡਣਾ ਚਾਹੁੰਦੀ ਹੈ, ਜਿਸ ਤੋਂ ਕਿਸਾਨਾਂ, ਮਜ਼ਦੂਰਾਂ ਤੇ ਦਲਿਤਾਂ ਨੂੰ ਸੁਚੇਤ ਰਹਿਣ ਦਾ ਲੋੜ ਹੈ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨੇ 247ਵੇਂ ਦਿਨ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 5 ਜੂਨ ਨੂੰ ‘ਸੰਪੂਰਨ ਕ੍ਰਾਂਤੀ ਦਿਵਸ’ ਮੌਕੇ ਖੇਤੀ ਕਾਨੂੰਨਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦਾ ਇੱਕ ਸਾਲ ਪੂਰਾ ਹੋਣ ’ਤੇ ਰੋਸ ਵਜੋਂ ਭਾਜਪਾ ਆਗੂਆਂ ਦੇ ਦਫ਼ਤਰਾਂ-ਘਰਾਂ, ਐੱਸਡੀਐੱਮ ਦਫ਼ਤਰਾਂ ਅਤੇ ਜ਼ਿਲ੍ਹਾ ਪੱਧਰ ’ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਮੰਦਸੌਰ ਦੇ ਸ਼ਹੀਦ ਕਿਸਾਨਾਂ ਨੂੰ ਭਲਕੇ ਦਿੱਤੀ ਜਾਵੇਗੀ ਸ਼ਰਧਾਂਜਲੀ
ਕਿਸਾਨ ਆਗੂਆਂ ਨੇ ਦੱਸਿਆ ਕਿ 6 ਜੂਨ, 2017 ਨੂੰ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਸਰਕਾਰ ਅੱਗੇ ਮੁੱਢਲੀਆਂ ਮੰਗਾਂ ਰੱਖਣ ਲਈ ਵਿਰੋਧ ਪ੍ਰਦਰਸ਼ਨ ਕਰਨ ’ਤੇ ਪੁਲੀਸ ਵੱਲੋਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਸੀ ਅਤੇ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀ-ਕਾਂਡ ਵਿੱਚ 6 ਕਿਸਾਨ ਸ਼ਹੀਦ ਹੋਏ ਅਤੇ ਸੈਂਕੜੇ ਜ਼ਖ਼ਮੀ ਹੋਏ ਸਨ। ਉਸ ਤੋਂ ਬਾਅਦ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ ਅਤੇ ਦੇਸ਼ ਭਰ ਵਿੱਚ ਕਿਸਾਨਾਂ ਦਾ ਤਾਲਮੇਲ ਸਥਾਪਤ ਹੋਇਆ। ਉਨ੍ਹਾਂ ਕਿਹਾ ਕਿ 6 ਜੂਨ ਨੂੰ ਮੰਦਸੌਰ ਵਿੱਚ ਇਕੱਠੇ ਹੋ ਕੇ ਕਿਸਾਨ ਆਗੂ ਸਮੂਹ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।