ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੰਗ-ਪੱਤਰ ਭੇਜਦਿਆਂ ਕੇਂਦਰੀ ਸਹਿਕਾਰੀ ਬੈਂਕਾਂ ’ਚ ਕਿਸਾਨਾਂ ਦੀ ਖੱਜਲ-ਖੁਆਰੀ ਸਬੰਧੀ ਜਾਣੂ ਕਰਵਾਉਂਦਿਆਂ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੇਂਦਰੀ ਸਹਿਕਾਰੀ ਬੈਂਕ ਫਿਰੋਜ਼ਪੁਰ, ਫਰੀਦਕੋਟ, ਤਰਨ ਤਾਰਨ, ਅੰਮ੍ਰਿਤਸਰ, ਫਾਜ਼ਿਲਕਾ, ਮੁਕਤਸਰ ਸਾਹਿਬ ਤੇ ਮਾਨਸਾ ਦੇ ਕੇਂਦਰੀ ਸਹਿਕਾਰੀ ਬੈਂਕ ਦੇ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਮਗਰੋਂ ਇਨ੍ਹਾਂ ਜ਼ਿਲ੍ਹਿਆਂ ਨਾਲ ਸਬੰਧਤ ਖੇਤੀਬਾੜੀ ਸਹਿਕਾਰੀ ਸਭਾਵਾਂ ਦਾ ਕੰਮ ਰੁਕ ਗਿਆ ਹੈ, ਜੋ ਕਿਸਾਨ ਮੈਂਬਰਾਂ ਨੂੰ ਨਕਦ, ਤੇਲ, ਖਾਦ, ਬੀਜ ਤੇ ਦਵਾਈਆਂ ਆਦਿ ਦੀ ਪੂਰਤੀ ਕਰਵਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਹੋਣ ਕਰਕੇ ਇਸ ਹੜਤਾਲ ਕਾਰਨ ਸਭ ਤੋਂ ਵੱਧ ਖੱਜਲ ਖੁਆਰੀ ਕਿਸਾਨਾਂ ਦੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨਕਦੀ ਆਪਣੇ ਹੱਥਾਂ ਵਿੱਚ ਫੜੀ ਕਰਜ਼ਿਆਂ ਦਾ ਭੁਗਤਾਨ ਕਰਨ ਲਈ ਬੈਂਕਾਂ ਅੱਗੇ ਖੜ੍ਹੇ ਹਨ, ਪਰ ਹੜਤਾਲ ਦਾ ਹਵਾਲਾ ਦੇ ਕੇ ਬੈਂਕ ਦੇ ਕਰਮਚਾਰੀ ਰਿਕਵਰੀ ਕਰਨ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਇਹ ਹੜਤਾਲ ਜਾਰੀ ਰਹੀ ਤਾਂ ਫਸਲ ਲੇਟ ਹੋਵੇਗੀ ਤੇ ਇਸ ਦਾ ਵੀ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪਵੇਗਾ।