ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 17 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਮੁਹਾਲੀ ਦੇ ਸੈਕਟਰ-65ਏ ਸਥਿਤ ਪੰਜਾਬ ਮੰਡੀ ਬੋਰਡ ਕੰਪਲੈਕਸ ਵਿੱਚ ਡਾਇਰੈਕਟਰ ਆਬਾਦਕਾਰੀ (ਮੁੜ ਵਸੇਬਾ) ਦੇ ਦਫ਼ਤਰ ਵਿੱਚ ਤਾਇਨਾਤ ਕਾਨੂੰਨਗੋ ਅਮਰੀਕ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਅਨੁਸਾਰ ਇਹ ਕਾਰਵਾਈ ਕੁਲਦੀਪ ਸਿੰਘ ਵਾਸੀ ਪਿੰਡ ਭੁੱਖੜੀ ਕਲਾਂ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਪੀੜਤ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਸ ਨੇ ਨਵੀਂ ਅਨਾਜ ਮੰਡੀ ਲੁਧਿਆਣਾ ਵਿੱਚ ਬੂਥ ਵੇਚਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨਓਸੀ) ਲੈਣ ਲਈ ਅਰਜ਼ੀ ਦਿੱਤੀ ਸੀ ਪ੍ਰੰਤੂ ਕਾਨੂੰਨਗੋ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਟੀਮ ਨੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।