ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਫਰਵਰੀ
ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਮਹੰਤ ਨਰਾਇਣ ਦਾਸ ਅਤੇ ਉਸ ਦੇ ਸਾਥੀਆਂ ਤੋਂ ਆਜ਼ਾਦ ਕਰਵਾਉਣ ਵੇੇਲੇ ਸ਼ਹੀਦ ਹੋਏ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ 100 ਸਾਲ ਬਾਅਦ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤੀ ਗਈ ਹੈ।
21 ਫਰਵਰੀ, 1921 ਨੂੰ ਵਾਪਰੇ ਇਸ ਸਾਕੇ ਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਈ ਜਾ ਰਹੀ ਹੈ। ਇਸ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੋਵਾਲੀ ਨੇੜੇ ਗੋਧਰਪੁਰਾ ਵਿੱਚ ਹੋਣਗੇ। ਭਾਈ ਲਛਮਣ ਸਿੰਘ ਧਾਰੋਵਾਲੀ ਇਸੇ ਪਿੰਡ ਦੇ ਵਸਨੀਕ ਸਨ। ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈ ਗਈ ਉਨ੍ਹਾਂ ਦੀ ਤਸਵੀਰ ਤੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪਰਦਾ ਹਟਾਇਆ। ਇਸ ਮੌਕੇ ਸ਼ਹੀਦ ਧਾਰੋਵਾਲੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ। ਗਿਆਨੀ ਹਰਪ੍ਰੀਤ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਜਾਂਚ ਕੈਂਪ
ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਰਿਪੋਰਟ ਲਾਜ਼ਮੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਕਰੋਨਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਜਗੀਰ ਕੌਰ ਨੇ ਕੀਤੀ। ਉਨ੍ਹਾਂ ਕਿਹਾ ਕਿ ਸਾਕਾ ਸਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਨੂੰ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਜਾਵੇਗਾ। ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਲਾਇਆ ਜਾਂਚ ਕੈਂਪ ਭਲਕੇ 16 ਫ਼ਰਵਰੀ ਤਕ ਜਾਰੀ ਰਹੇਗਾ। ਜਾਣਕਾਰੀ ਅਨੁਸਾਰ 505 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਤੇ 124 ਨੂੰ ਨਹੀਂ ਮਿਲੇ। 17 ਨੂੰ ਸ਼ਰਧਾਲੂ ਆਪਣਾ ਵੀਜ਼ਾ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ।