ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਗਸਤ
ਇੱਥੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ’ਚ ਬੀਤੇ ਦਿਨੀਂ ਸੇਵਾ ਕਰਦਿਆਂ ਉੱਬਲਦੇ ਪਾਣੀ ਦੇ ਕੜਾਹੇ ਵਿੱਚ ਡਿੱਗਣ ਕਾਰਨ ਝੁਲਸ ਗਏ ਸੇਵਾਦਾਰ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਲਬੀਰ ਸਿੰਘ ਵਾਸੀ ਧਾਰੀਵਾਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਲਬੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਵਿੱਚ ਲੰਗਰ ਦੀ ਸੇਵਾ ਕਰਦਾ ਸੀ। ਸੇਵਾ ਕਰਦਿਆਂ ਪੈਰ ਤਿਲਕਣ ਕਾਰਨ ਉਹ ਉਬਲਦੇ ਪਾਣੀ ਵਾਲੇ ਕੜਾਹੇ ਵਿੱਚ ਡਿੱਗ ਗਿਆ। ਤੁਰੰਤ ਕੜਾਹੇ ’ਚੋਂ ਕੱਢਣ ਦੇ ਬਾਵਜੂਦ ਉਹ ਬੁਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ।