ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਸਤੰਬਰ
ਸ੍ਰੀ ਹਰਿਮੰਦਰ ਸਾਹਿਬ ਨੇੜੇ ਬੀਤੀ ਦੇਰ ਰਾਤ ਇੱਕ ਮਾਮੂਲੀ ਗੱਲ ਤੋਂ ਹੋਈ ਤਕਰਾਰ ਮਗਰੋਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿੱਚ ਦੋ ਨਿਹੰਗ ਬਾਣਾ ਧਾਰਕ ਵੀ ਸ਼ਾਮਲ ਹਨ। ਮ੍ਰਿਤਕ ਦੀ ਪਛਾਣ ਹਰਮਨਜੀਤ ਸਿੰਘ ਉਰਫ ਮਨੀ (22) ਵਜੋਂ ਅਤੇ ਪੁਲੀਸ ਵੱਲੋਂ ਨਾਮਜ਼ਦ ਕੀਤੇ ਮੁਲਜ਼ਮਾਂ ਦੀ ਪਛਾਣ ਚਰਨਜੀਤ ਸਿੰਘ, ਤਰਨਦੀਪ ਸਿੰਘ ਤੇ ਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲੀਸ ਵੱਲੋਂ ਰਮਨਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਜਦੋਂ ਹਰਮਨਜੀਤ ਘਰੇ ਨਾ ਮੁੜਿਆ ਤਾਂ ਉਹ ਉਸ ਨੂੰ ਲੱਭਣ ਗਿਆ। ਇਸ ਮੌਕੇ ਉਸ ਨੂੰ ਰਾਹ ਵਿੱਚ ਹਰਮਨਜੀਤ ਦੀ ਲਾਸ਼ ਪਈ ਮਿਲੀ। ਉਥੇ ਮੌਜੂਦ ਲੋਕਾਂ ਨੇ ਉਸ ਨੂੰ ਦੱਸਿਆ ਕਿ ਬੀਤੀ ਰਾਤ ਦੋ ਨਿਹੰਗਾਂ ਸਣੇ ਤਿੰਨ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਸ ਨੌਜਵਾਨ ਦੀ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈ ਹੈ, ਜਿਸ ਵਿੱਚ ਤਿੰਨ ਵਿਅਕਤੀ ਹਰਮਨਜੀਤ ’ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਹਾਲਾਂਕਿ ਚਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਵੀ ਖ਼ਬਰ ਮਿਲੀ ਹੈ, ਪਰ ਹਾਲੇ ਪੁਲੀਸ ਵੱਲੋਂ ਇਸ ਦੀ ਪੁਸ਼ਟੀ ਨਹੀ ਕੀਤੀ ਗਈ। ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਹਰਮਨਜੀਤ ’ਤੇ ਸ਼ਰਾਬ ਪੀਤੀ ਹੋਣ ਅਤੇ ਤੰਬਾਕੂ ਖਾਣ ਦਾ ਦੋਸ਼ ਲਾਉਂਦਿਆਂ ਨਿਹੰਗ ਬਾਣੇ ਵਿੱਚ ਦੋ ਵਿਅਕਤੀਆਂ ਨੇ ਉਸ ਨਾਲ ਝਗੜਾ ਕੀਤਾ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਤੇ ਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।