ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਸਤੰਬਰ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ‘ਆਪ’ ਅਤੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਇਕ ਸਾਂਝੀ ਨੀਤੀ ’ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਜਿਹੜੇ ਵਾਅਦੇ ਕਰਕੇ ਪੰਜਾਬ ਵਿੱਚ ਆਈ ਸੀ, ਉਨ੍ਹਾਂ ਨੂੰ ਪੂਰੇ ਕਰਨ ਲਈ ਹਾਲੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੇਅਦਬੀ ਦਾ ਮੁੱਦਾ 24 ਘੰਟਿਆਂ ਵਿੱਚ ਹੱਲ ਕਰਨ ਦਾ ਦਾਅਵਾ ਕੀਤਾ ਸੀ, ਪਰ ਹੁਣ ਛੇ ਮਹੀਨੇ ਬੀਤਣ ਮਗਰੋਂ ਵੀ ਹਾਲੇ ਇਸ ਮੁੱਦੇ ਦਾ ਹੱਲ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ, ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਵਾਅਦੇ ਵੀ ਹੁਣ ਤੱਕ ਵਫ਼ਾ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ‘ਆਪ’ ਵਿਧਾਇਕ ਸੜਕਾਂ ’ਤੇ ਧਰਨੇ ਦੇਣ ਦਾ ਡਰਾਮਾ ਕਰ ਰਹੇ ਹਨ। ਸ੍ਰੀ ਗੜ੍ਹੀ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਵਿਧਾਇਕਾਂ ਤੇ ਮੰਤਰੀਆਂ ਨੇ ਕੰਮ ਕਰਨ ਹੁੰਦੇ ਹਨ ਸੜਕਾਂ ’ਤੇ ਰੋਸ ਪ੍ਰਦਰਸ਼ਨ ਨਹੀਂ ਕਰਨੇ ਹੁੰਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਸਰਕਾਰ ਵੀ ਮੀਡੀਆ ਵਿੱਚ ਡਰਾਮੇਬਾਜ਼ੀ ਕਰਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ’ਤੋਂ ਭਟਕਾਉਣ ਲੱਗੀ ਹੋਈ ਹੈ। ਭਾਜਪਾ ਨੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜਿਸ ਲਿਹਾਜ਼ ਨਾਲ ਹੁਣ ਤੱਕ 16 ਕਰੋੜ ਲੋਕਾਂ ਨੂੰ ਰੁਜ਼ਗਾਰ ਮਿਲਨਾ ਚਾਹੀਦਾ ਸੀ।