ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 24 ਅਕਤੂਬਰ
ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਦਿਨ-ਰਾਤ ਮਿਹਨਤ ਕਰ ਕੇ ਅਤੇ ਹਜ਼ਾਰਾਂ ਰੁਪਏ ਦਾ ਖਰਚਾ ਕਰ ਕੇ ਪਾਲੀ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ, ਜਿਸ ਲਈ ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਹ ਫੋਕਲ ਪੁਆਇੰਟ ਬਾਗੜੀਆਂ ਦੇ ਦੌਰੇ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਬੋਲ ਰਹੇ ਸਨ।
ਸ੍ਰੀ ਭੁੱਟਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਸੀ ਜੋ ਕਿ ਕਾਗਜ਼ਾਂ ਤੱਕ ਸੀਮਿਤ ਹੋ ਕੇ ਰਹਿ ਗਿਆ ਕਿਉਂਕਿ 23 ਦਿਨ ਬੀਤਣ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਖਰੀਦ ਏਜੰਸੀਆਂ ਨਾਮਾਤਰ ਝੋਨੇ ਦੀ ਖਰੀਦ ਕਰ ਸਕੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਬੰਧ ਪੰਜਾਬ ਸਰਕਾਰ ਨੂੰ ਚਾਰ ਮਹੀਨੇ ਪਹਿਲਾਂ ਕਰਨੇ ਚਾਹੀਦੇ ਸੀ, ਉਹ ਹੁਣ ਤੱਕ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ’ਚ ਸੁਧਾਰ ਨਾ ਹੋਇਆ ਤਾਂ ਕਿਸਾਨ ਸੜਕਾਂ ’ਤੇ ਆਉਣਗੇ ਤੇ ਸੱਤਾਧਾਰੀ ਆਗੂਆਂ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇੇ ਫੋਕਲ ਪੁਆਇੰਟ ਮੰਡੀ ਬਾਗੜੀਆਂ ਦੇ ਪ੍ਰਧਾਨ ਹਰਬੰਸ ਸਿੰਘ ਨੰਦਪੁਰ ਕੇਸ਼ੋ, ਗੁਰਮੇਲ ਸਿੰਘ ਪਨੈਚ, ਰਾਜਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ।