ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਈ
ਪੰਜਾਬ ’ਚ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ। ਵੀਰਵਾਰ ਨੂੰ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸਬੰਧਿਤ ਮੰਤਰੀਆਂ ਅਤੇ ਵਿਧਾਇਕਾਂ ਨਾਲ ਬੈਠਕ ਕੀਤੀ। ਇਸ ਬੈਠਕ ’ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਸਮੇਤ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨ੍ਹਾਂ ਨਾਲ ਚੋਣਾਂ ਬਾਰੇ ਰਣਨੀਤੀ ’ਤੇ ਚਰਚਾ ਕੀਤੀ ਗਈ। ਜਾਣਕਾਰੀ ਅਨੁਸਾਰ ਅਗਲੇ ਕੁਝ ਮਹੀਨਿਆਂ ਵਿੱਚ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕਾਫੀ ਚੰਗਾ ਰਿਹਾ ਹੈ। ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਜਿੱਤ ਨੂੰ ਲੈ ਕਾਫੀ ਆਸਵੰਦ ਹੈ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ’ਚ ਸਾਰੀਆਂ ਸੀਟਾਂ ’ਤੇ ਇਮਾਨਦਾਰ ਉਮੀਦਵਾਰ ਉਤਾਰੇਗੀ ਤੇ ਚੋਣਾਂ ਲੋਕਲ ਮੁੱਦਿਆਂ ਦੇ ਆਧਾਰ ’ਤੇ ਲੜੀਆਂ ਜਾਣਗੀਆਂ।