ਆਤਿਸ਼ ਗੁਪਤਾ
ਚੰਡੀਗੜ੍ਹ, 6 ਜਨਵਰੀ
‘ਆਪ’ ਦੇ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬੇ ਦੀ ਮਾੜੀ ਸੁਰੱਖਿਆ ਵਿਵਸਥਾ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੱਢਾ ਨੇ ਚੰਨੀ ਸਰਕਾਰ ਨੂੰ ਕਮਜ਼ੋਰ ਤੇ ਨਿਕੰਮੀ ਗਰਦਾਨਦਿਆਂ ਕਿਹਾ ਕਿ ਸੂਬਾ ਸਰਕਾਰ ਇੱਥੋਂ ਦੇ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।
ਸ੍ਰੀ ਚੱਢਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਪ੍ਰਬੰਧਾਂ ਵਿੱਚ ਵਰਤੀ ਗਈ ਅਣਗਹਿਲੀ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਹੋਣਾ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਰੈਲੀ ਰੱਦ ਕਰਨ ਦਾ ਬਹਾਨਾ ਚਾਹੀਦਾ ਸੀ ਕਿਉਂਕਿ ਰੈਲੀ ਵਿੱਚ ਕੁਰਸੀਆਂ ਖਾਲੀ ਸਨ। ਪਰ ਕਮਜ਼ੋਰ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਦਾ ਬਹਾਨਾ ਬਣਾਉਣ ਦਾ ਮੌਕਾ ਦੇ ਦਿੱਤਾ। ਇਸ ਮੌਕੇ ਸ੍ਰੀ ਚੱਢਾ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਖਾਮੀਆਂ ਸਬੰਧੀ ਨਿਰਪੱਖ ਜਾਂਚ ਹੋਣ ਦੀ ਮੰਗ ਕੀਤੀ ਹੈ।
ਚੱਢਾ ਨੇ ਕਿਹਾ ਕਿ ਸੱਤਾ ਲਈ ਆਪਸ ਵਿੱਚ ਲੜਨ ਵਾਲੇ ਆਗੂ ਕਦੇ ਵੀ ਸੂਬੇ ਦੀ ਰਾਖੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਆਪਣੇ ਸੌ ਦਿਨਾਂ ਦੇ ਕਾਰਜਕਾਲ ਵਿੱਚ ਚਾਰ ਡੀਜੀਪੀ ਬਦਲ ਲਏ ਹਨ ਤੇ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਨਿੱਤ ਨਵੀਂ ਸੂਚੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਹਤਰ ਸੁਰੱਖਿਆ ਦੇਣ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ‘ਆਪ’ ਸਰਕਾਰ ਪੰਜਾਬ ਤੇ ਪੰਜਾਬ ਦੇ ਲੋਕਾਂ ਦੀ ਪੂਰੀ ਸੁਰੱਖਿਆ ਕਰੇਗੀ ਅਤੇ ਪੰਜਾਬ ਨੂੰ ਮੁੜ ਤੋਂ ਸ਼ਾਂਤ ਅਤੇ ਖੁਸ਼ਹਾਲ ਸੂਬਾ ਬਣਾਏਗੀ।
ਅਪਰਾਧੀਆਂ ਨੂੰ ਸੁਰੱਖਿਆ ਦੇ ਰਹੀ ਹੈ ਕਾਂਗਰਸ: ਚੀਮਾ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜ ਸਾਲਾਂ ਵਿੱਚ ਮੌੜ ਬੰਬ ਧਮਾਕੇ ਅਤੇ ਬੇਅਦਬੀ ਕਾਂਡ ਦੇ ਇੱਕ ਵੀ ਦੋਸ਼ੀ ਨੂੰ ਫੜ ਨਹੀਂ ਸਕੀ, ਸਗੋਂ ਮਾਫੀਆ ਅਤੇ ਅਪਰਾਧੀਆਂ ਨੂੰ ਸੁਰੱਖਿਆ ਦੇ ਰਹੀ ਹੈ। ਜੇਕਰ ਬੇਅਦਬੀ, ਗੋਲੀਕਾਂਡ ਅਤੇ ਬੰਬ ਧਮਾਕਿਆਂ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਵਿੱਚ ਮੁੜ ਤੋਂ ਅਜਿਹੀਆਂ ਦਰਦਨਾਕ ਘਟਨਾਵਾਂ ਨਾ ਵਾਪਰਦੀਆਂ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਕਰਕੇ ਉਨ੍ਹਾਂ ਦੀਆਂ ਵੋਟਾਂ ਲੈਣ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਹੁਣ ਪੰਜਾਬ ਦੇ ਲੋਕ ਉਸ ਦੇ ਨਾਪਾਕ ਮਨਸੂਬਿਆਂ ਨੂੰ ਸਮਝ ਚੁੱਕੇ ਹਨ। ਇਸ ਵਾਰ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਪਾਕ ਮਨਸੂਬੇ ਨੂੰ ਪੂਰਾ ਨਹੀਂ ਹੋਣ ਦੇਣਗੇ।