ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਮਈ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਸੂਬੇ ਨੂੰ ਮੁੜ ਤੋਂ ਅਤਿਵਾਦ ਵੱਲ ਧੱਕਣ ਦੇ ਦੋਸ਼ ਲਾਏ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਦੇਸ਼ ਵਿਰੋਧੀ ਸੰਗਠਨਾਂ ਪ੍ਰਤੀ ਅਪਣਾਈ ਗਈ ਢਿੱਲ-ਮੱਠ ਨੇ ਸੂਬੇ ’ਚ ਦੇਸ਼ ਵਿਰੋਧੀ ਤਾਕਤਾਂ ਨੂੰ ਹੱਲਾਸ਼ੇਰੀ ਦਿੱਤੀ ਹੈ। ਭਾਜਪਾ ਆਗੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਹਰਕਤਾਂ ਤੋਂ ਸਿੱਧ ਹੁੰਦਾ ਹੈ ਕਿ ਦਿੱਲੀ ਦਾ ਪੰਜਾਬ ’ਤੇ ਸਿੱਧਾ ਕੰਟਰੋਲ ਹੈ ਤੇ ਪੰਜਾਬ ਵਰਗੇ ਸੂਬੇ ਦਾ ਮੁੱਖ ਮੰਤਰੀ ਕੇਜਰੀਵਾਲ ਦੀ ‘ਕਠਪੁਤਲੀ‘ ਬਣ ਗਿਆ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਸ਼ਾਂਤੀ ਲਈ ਪੰਜਾਬ ਦੇ ਪ੍ਰਸ਼ਾਸਕੀ ਫ਼ੈਸਲਿਆਂ ਤੋਂ ਅਰਵਿੰਦ ਕੇਜਰੀਵਾਲ ਨੂੰ ਦੂਰ ਰੱਖਣ।