ਪੱਤਰ ਪ੍ਰੇਰਕ
ਲਹਿਰਾਗਾਗਾ, 29 ਅਗਸਤ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ‘ਆਪ’ ਸਰਕਾਰ ’ਤੇ ਵਿਅੰਗ ਕਰਦਿਆਂ ਕਿਹਾ ਕਿ ਮਾਲ ਗੱਡੀਆਂ ਚਲਾਉਣ ਤੋਂ ਪਹਿਲਾਂ ਸਰਕਾਰ ਨੂੰ ਗ਼ਰੀਬਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਕਹਿਣੀ ਤੇ ਕਰਨੀ ਵਿਚ ਦਿਨ-ਰਾਤ ਦਾ ਫ਼ਰਕ ਹੈ ਕਿਉਂਕਿ ਸੂਬਾ ਸਰਕਾਰ ਨੇ ਅਜੇ ਤੱਕ ਆਪਣਾ ਕੋਈ ਵੀ ਐਲਾਨ ਸਿਰੇ ਨਹੀਂ ਚਾੜ੍ਹਿਆ।
ਪਰਮਿੰਦਰ ਢੀਂਡਸਾ ਨੇ ਨੇੜਲੇ ਪਿੰਡ ਰਾਮਗੜ੍ਹ ਸੰਧੂਆਂ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਸਭ ਤੋਂ ਪਹਿਲਾਂ ਵਾਅਦਾ ਕਿਸਾਨਾਂ ਨਾਲ ਕੀਤਾ ਸੀ ਕਿ ਜੇਕਰ ਫ਼ਸਲਾਂ ਖਰਾਬ ਹੁੰਦੀਆਂ ਹਨ ਤਾਂ ਅੱਧਾ ਮੁਆਵਜ਼ਾ ਪਹਿਲਾਂ ਅਤੇ ਅੱਧਾ ਗਿਰਦਾਵਰੀ ਮਗਰੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਬੁਨਿਆਦੀ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਸਮੇਤ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਚੋਣ ਵਾਅਦੇ ਪੂਰੇ ਕਰਨ ਦੀ ਥਾਂ ਰੁਜ਼ਗਾਰ ਲਈ ਸੰਘਰਸ਼ ਕਰਦੇ ਨੌਜਵਾਨਾਂ ’ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ ਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੋਂ ਧਰਨਾਕਾਰੀਆਂ ਨੂੰ ਜਬਰੀ ਚੁੱਕ ਕੇ ਦੂਜੇ ਜ਼ਿਲ੍ਹਿਆਂ ਵਿੱਚ ਸੁੱਟਿਆ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਚੋਣ ਵਾਅਦੇ ਪੂਰੇ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ ਅਤੇ ਬੇਅਦਬੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪਹਿਲ ਕਰਨੀ ਚਾਹੀਦੀ ਹੈ।