ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਚੰਡੀਗੜ੍ਹ ’ਤੇ ਦਾਅਵੇਦਾਰੀ ਸਬੰਧੀ ਆਪਣੀ ਸਥਿਤੀ ਸਪੱਸ਼ਟ ਕੀਤੀ ਜਾਵੇ। ਇਸ ਦੌਰਾਨ ਸ੍ਰੀ ਰਾਜੇਵਾਲ ਨੇ ਕਿਹਾ ਕਿ 10 ਜੁਲਾਈ ਤੋਂ ਪੰਜਾਬ ਵਿੱਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਨਾਲ ਪਾਣੀਆਂ ਦੀ ਵੰਡ ਵਿੱਚ ਹੋਏ ਧੱਕੇ ਵਿਰੁੱਧ ਅੰਦੋਲਨ ਕਰਨ ਲਈ 5 ਅਗਸਤ ਨੂੰ ਸਰਕਾਰ ਨੂੰ ਨੋਟਿਸ ਦੇਣ ਵਾਸਤੇ ਚੰਡੀਗੜ੍ਹ ਵਿੱਚ ਇੱਕ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦੇ ਪਾਣੀ, ਪੰਜਾਬ ਦੇ ਪੰਜਾਬੀ ਬੋਲਦੇ ਇਲਾਕੇ ਅਤੇ ਰਾਜਧਾਨੀ ਖੋਹਣ ਤੋਂ ਬਾਅਦ ਹੁਣ ਪੰਜਾਬ ਕੋਲੋਂ ਪੰਜਾਬ ਯੂਨੀਵਰਸਿਟੀ ਵਰਗੀਆਂ ਅਹਿਮ ਸੰਸਥਾਵਾਂ ਖੋਹਣ ਦੀ ਤਿਆਰੀ ਹੈ।
ਕਿਸਾਨ ਆਗੂ ਨੇ ਸਵਾਲ ਕੀਤਾ ਕਿ ‘ਆਪ’ ਆਗੂ ਸਥਿਤੀ ਸਪੱਸ਼ਟ ਕਰਨ ਕਿ ਕੀ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪੰਜਾਬ ਲਈ ਵੱਖਰੀ ਹਾਈ ਕੋਰਟ ਬਣਾਉਣ ਵਾਸਤੇ ਕੇਂਦਰ ਸਰਕਾਰ ਨੂੰ ਲਿਖਿਆ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਦਾਅਵਾ ਪੰਜਾਬ ਸਰਕਾਰ ਨੂੰ ਸ਼ੱਕ ਦੇ ਘੇਰੇ ਵਿੱਚ ਲਿਆਉਂਦਾ ਹੈ।