ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਅਕਤੂਬਰ
ਬਾਹਰੀ ਰਾਜਾਂ ਤੋਂ ਪੰਜਾਬ ਦੀਆਂ ਮੰਡੀਆਂ ’ਚ ਵਿਕਣ ਆ ਰਹੇ ਝੋਨੇ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਨੂੰ ਮਹਿਜ਼ ਖਾਨਾਪੂਰਤੀ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਇਸ ਗੋਰਖਧੰਦੇ ’ਚ ਸੱਤਾਧਾਰੀ ਕਾਂਗਰਸ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਦੇ ਸ਼ਾਮਲ ਹੋਣ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਪਾਰਟੀ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ ਹੈ। ਇਹ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਧੰਦੇ ਨੂੰ ਸਰਕਾਰੀ ਸਰਪ੍ਰਸਤੀ ਹੇਠ ਸ਼ਰਾਬ ਅਤੇ ਰੇਤ ਮਾਫ਼ੀਆ ਵਾਂਗ ਪੂਰੇ ਸੰਗਠਨਾਤਮਕ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ।