ਰਾਜਮੀਤ ਸਿੰਘ
ਚੰਡੀਗੜ੍ਹ, 20 ਅਪਰੈਲ
ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ‘ਤੇ ਪੰਜਾਬ ਪੁਲੀਸ, ਵਸੀਲਿਆਂ ਅਤੇ ਨੌਕਰਸ਼ਾਹੀ ਦੀ ਵਰਤੋਂ ਦੂਜੇ ਸੂਬਿਆਂ ‘ਚ ਆਪਣਾ ਵੱਕਾਰ ਵਧਾਉਣ ਲਈ ਕਰਨ ਦਾ ਦੋਸ਼ ਲਗਾਇਆ। ਇਥੇ ਪੰਜਾਬ ਕਾਂਗਰਸ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਬਾਜਵਾ ਨੇ ਸ੍ਰੀ ਕੇਜਰੀਵਾਲ ’ਤੇ ਪੰਜਾਬ ਸਰਕਾਰ ਨੂੰ ਰਿਮੋਟ ਕੰਟਰੋਲ ਨਾਲ ਚਲਾਉਣ ਦਾ ਦੋਸ਼ ਲਾਇਆ। ਉਨ੍ਹਾਂ ‘ਆਪ’ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਐੱਸਵਾਈਐੱਲ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ ਹੈ ਤੇ ਐੱਸਵਾਈਐੱਲ ਬਾਰੇ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਦੇ ਬਿਆਨ ‘ਤੇ ਸਪੱਸ਼ਟੀਕਰਨ ਮੰਗਿਆ ਹੈ।