ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਗਸਤ
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਅੱਜ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੀਆਂ ਗਲਤੀਆਂ ਲੁਕਾਉਣ ਵਾਸਤੇ ਆਰਟੀਆਈ ਐਕਟ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਸੂਬੇ ਵਿੱਚ ਲੋਕਾਂ ਨੂੰ ਆਰਟੀਆਈ ਦੇ ਜਵਾਬ ਹੀ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੂਚਨਾ ਕਮਿਸ਼ਨਰਾਂ ਦੀਆਂ ਸਾਰੀਆਂ ਅਸਾਮੀਆਂ ਖ਼ਾਲੀ ਪਈਆਂ ਹਨ। ਸੂਬਾ ਸਰਕਾਰ ਨੇ ਸੂਚਨਾ ਕਮਿਸ਼ਨ ਵਿੱਚ ਪਿਛਲੇ ਇਕ ਸਾਲ ਤੋਂ ਕੋਈ ਨਿਯੁਕਤੀ ਨਹੀਂ ਕੀਤੀ ਹੈ, ਜਿਸ ਕਰਕੇ ਕਮਿਸ਼ਨ ਕੋਲ 9175 ਅਰਜ਼ੀਆਂ ਬਕਾਇਆ ਹਨ। ਮੋਹਿਤ ਮਹਿੰਦਰਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਸਰਕਾਰੀ ਕੰਮ-ਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਰਟੀਆਈ ਐਕਟ ਲਿਆਂਦਾ ਸੀ। ਇਸ ਐਕਟ ਅਨੁਸਾਰ ਸੂਬਾ ਸਰਕਾਰ ਲੋਕਾਂ ਨੂੰ 30 ਦਿਨਾਂ ਦੇ ਅੰਦਰ ਆਰਟੀਆਈ ਦਾ ਜਵਾਬ ਦੇਣ ਲਈ ਪਾਬੰਦ ਹੈ, ਪਰ ਮੌਜੂਦਾ ਸਰਕਾਰ ਵੱਲੋਂ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ ਜਾਂ ਆਰਟੀਆਈ ਦਾ ਜਵਾਬ ਹੀ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਕੇ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਅਤੇ ਆਰਟੀਆਈ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਨਿਆਂਇਕ ਦਖਲ ਦੀ ਮੰਗ ਕਰਨਗੇ। ਮੋਹਿਤ ਮਹਿੰਦਰਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੂਚਨਾ ਕਮਿਸ਼ਨਰਾਂ ਦੀਆਂ ਅਸਾਮੀਆਂ ਭਰਨ ਲਈ ਤੁਰੰਤ ਕਦਮ ਚੁੱਕਣ। ਇਸ ਤੋਂ ਇਲਾਵਾ ਆਰਟੀਆਈ ਐਕਟ ਤਹਿਤ ਮੰਗੀ ਜਾਣ ਵਾਲੀ ਜਾਣਕਾਰੀ ਨੂੰ ਸਹੀ ਢੰਗ ਨਾਲ ਮੁਹੱਈਆ ਕਰਵਾਇਆ ਜਾਵੇ।