ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ
ਆਮ ਆਦਮੀ ਪਾਰਟੀ ਨੇ ਸੂਬੇ ਦੇ ਉਪ ਮੁੱਖ ਮੰਤਰੀ ਦੇ ਜਵਾਈ ਦੀ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਕੀਤੀ ਗਈ ਨਿਯੁਕਤੀ ’ਤੇ ਇਤਰਾਜ਼ ਪ੍ਰਗਟਾਇਆ ਹੈ ਅਤੇ ਕਿਹਾ ਕਿ ਸਰਕਾਰ ਨੂੰ ਇਹ ਨਿਯੁਕਤੀ ਕਰਨ ਸਮੇਂ ਸੂਬੇ ਦੇ ਲੱਖਾਂ ਬੇਰੁਜ਼ਗਾਰਾਂ ਦੀ ਯਾਦ ਕਿਉਂ ਨਹੀਂ ਆਈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕੀਤਾ ਹੈ। ਉਹ ਅੰਮ੍ਰਿਤਸਰ ਦੇ ਰਾਮ ਤੀਰਥ ਮੰਦਿਰ ਵਿਖੇ ਮੱਥਾ ਟੇਕਣ ਲਈ ਆਏ ਸਨ। ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ (ਏਏਜੀ) ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਆਪਣੇ ਮੰਤਰੀਆਂ ਤੇ ਵਿਧਾਇਕਾਂ ਲਈ ਨਿਯਮਾਂ ਵਿਚ ਵਿਸ਼ੇਸ਼ ਤਬਦੀਲੀਆਂ ਕਰਕੇ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਦੀ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਕੀਤੀ ਗਈ ਨਿਯੁਕਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਘਰ-ਘਰ ਰੁਜ਼ਗਾਰ ਮੁਹਿੰਮ ਪੰਜਾਬ ਦੇ ਤਿੰਨ ਕਰੋੜ ਲੋਕਾਂ ਲਈ ਝੂਠੀ ਸਿੱਧ ਹੋਈ ਹੈ ਪਰ ਸੱਤਾਧਾਰੀ ਕਾਂਗਰਸ ਦੇ ਆਗੂਆਂ ਲਈ ਵਰਦਾਨ ਸਾਬਿਤ ਹੋਈ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵਾਂਗ ਹੀ ਚੰਨੀ ਸਰਕਾਰ ਨੇ ਵੀ ਆਪਣੇ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।