ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਵੱਲੋਂ ਤਰਾਈ ਖੇਤਰ ਵਿਚ 70 ਸਾਲਾਂ ਤੋਂ ਵਸੇ ਹਜ਼ਾਰਾਂ ਪੰਜਾਬੀ ਕਿਸਾਨ ਪਰਿਵਾਰਾਂ ਨੂੰ ਧੱਕੇ ਨਾਲ ਉਜਾੜੇ ਜਾਣ ਦਾ ਵਿਰੋਧ ਕਰਦਿਆਂ ਪੰਜਾਬ ਨਾਲ ਸਬੰਧਿਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੋਮ ਪ੍ਰਕਾਸ਼ ਅਤੇ ਹਰਦੀਪ ਸਿੰਘ ਪੁਰੀ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਨਾਲ ਖੜ੍ਹੇ ਹੋਣ ਦੀ ਗੱਲ ਆਖੀ ਹੈ। ‘ਆਪ’ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਹ ਮਸਲਾ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਕੋਲ ਉਠਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬ ਵਿਧਾਨ ਸਭਾ ਦੀ ਸਰਬ ਪਾਰਟੀ ਕਮੇਟੀ ਨੂੰ ਪੰਜਾਬੀ ਪਰਿਵਾਰਾਂ ਲਈ ਮੌਕੇ ਦਾ ਜਾਇਜ਼ਾ ਲੈਣ ਲਈ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਗੁਜਰਾਤ ਦੇ ਕੱਛ ਇਲਾਕੇ ’ਚ ਵਸਦੇ ਪੰਜਾਬੀ ਕਿਸਾਨਾਂ ਨੂੰ ਵੀ ਇਸੇ ਤਰ੍ਹਾਂ ਉਜਾੜਿਆ ਸੀ।