ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਪੰਜ ਸਾਲਾਂ ’ਚ ਬੈਂਕਾਂ ਨਾਲ ਧੋਖਾਧੜੀ ਕਰਨ ਵਾਲੀਆਂ ਕਾਰਪੋਰੇਟ ਕੰਪਨੀਆਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਲਈ ਕੇਂਦਰ ਸਰਕਾਰ ਨੂੰ ਘੇਰਿਆ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇੱਥੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਵਿੱਚ ਮਹਿੰਗਾਈ ਦੀ ਦਰ ਲਗਾਤਾਰ ਵਧ ਰਹੀ ਹੈ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਰੀਬੀ ਦੀ ਮਾਰ ਹੇਠ ਆਏ ਆਮ ਆਦਮੀ ਤੇ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ਬਜਾਏ ਕਾਰਪੋਰੇਟ ਫਰਮਾਂ ਦੇ ਕਰਜ਼ੇ ਮੁਆਫ਼ ਕੀਤੇ ਹਨ। ਕੰਗ ਕਿਹਾ ਕਿ ਮੋਦੀ ਸਰਕਾਰ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਕੰਪਨੀ ਗੀਤਾਂਜਲੀ ਜੇਮਸ ਦੇ 7,110 ਕਰੋੜ ਰੁਪਏ ਅਤੇ ਇਰਾ ਇਨਫਰਾ ਇੰਜਨੀਅਰਿੰਗ ਦੇ 5,879 ਕਰੋੜ ਰੁਪਏ ਸਮੇਤ ਕਈ ਹੋਰ ਵੱਡੀਆਂ ਡਿਫਾਲਟਰ ਕੰਪਨੀਆਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। ਜਦਕਿ ਕਿਸਾਨਾਂ ਦੀ ਵਾਰੀ ਇਹੀ ਸਰਕਾਰ ਕਰਜ਼ਾ ਮੁਆਫ਼ੀ ਦਾ ਮਸਲਾ ਠੰਢੇ ਬਸਤੇ ’ਚ ਪਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪੰਜਾਬ ਦੀ ‘ਆਪ’ ਸਰਕਾਰ ਨੇ ਸ਼ੂਗਰਫੈੱਡ ਵੱਲੋਂ ਗੰਨਾ ਕਿਸਾਨਾਂ ਨੂੰ 195.60 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕਰਨ ਦਾ ਐਲਾਨ ਕਰ ਦਿੱਤਾ ਹੈ।