ਪਰਸ਼ੋਤਮ ਬੱਲੀ
ਬਰਨਾਲਾ, 3 ਨਵੰਬਰ
ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਇੱਥੇ ਪੁੱਜੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਨੂੰ ਕਰਜ਼ੇ ’ਚ ਡੋਬ ਕੇ ਵਿਕਾਸ ਨਹੀਂ, ਵਿਨਾਸ਼ ਕਰ ਰਹੀ ਹੈ ਜਦਕਿ ਜੋ ਪੰਜਾਬ ਅੰਦਰ ਵਿਕਾਸ ਹੋਇਆ, ਉਹ ਸਿਰਫ਼ ਕਾਂਗਰਸ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ।
ਸਿੰਗਲਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੱਖ ਨਹੀਂ ਕੀਤਾ। ਉਹ ਅੱਜ ਇੱਥੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਦੇਸ਼ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਦੇਸ਼ ਵਾਸੀਆਂ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਦਿਖਾਏ, ਪਰ ਸੱਤਾ ਸੰਭਾਲਣ ਉਪਰੰਤ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਉਣ ਮਗਰੋਂ ਅਜੇ ਤਕ ਲੋਕਾਂ ਦੇ ‘ਅੱਛੇ ਦਿਨ’ ਨਹੀਂ ਆਏ ਪਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੰਬਾਨੀ-ਅਡਾਨੀ ਪਰਿਵਾਰਾਂ ਦੇ ਅੱਛੇ ਦਿਨ ਜ਼ਰੂਰ ਆਏ ਹਨ। ਸਿੰਗਲਾ ਨੇ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਨ੍ਹਾਂ ਤੋਂ ਬਿਨਾਂ ਪਾਰਟੀ ਕੁਝ ਵੀ ਨਹੀਂ ਹੁੰਦੀ। ਉਨ੍ਹਾਂ ਸਮੂਹ ਆਗੂਆਂ ਤੇ ਵਰਕਰਾਂ ਨੂੰ ਕਾਲਾ ਢਿੱਲੋਂ ਦੀ ਚੋਣ ਮੁਹਿੰਮ ’ਚ ਤਨੇਦਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਤੇ ਹੱਲਾਸ਼ੇਰੀ ਵੀ ਦਿੱਤੀ।