ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅੱਜ ਸੂਬਾ ਸਕੱਤਰ ਅਤੇ ਲੋਕ ਸਭਾ ਇੰਚਾਰਜਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਹੋਰ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ‘ਆਪ’ ਦੀ ਪੰਜਾਬ ਪੱਧਰੀ ਮੀਟਿੰਗ ਵਿੱਚ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਹਰ ਜ਼ਿਲ੍ਹੇ ਵਿੱਚ ਪਾਰਟੀ ਦਫ਼ਤਰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ।
ਸ੍ਰੀ ਬਰਸਟ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਜਾਂਦੇ ਲੋਕ-ਪੱਖੀ ਕੰਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾਵੇਗਾ। ਹਰ ਹਫ਼ਤੇ ਪਾਰਟੀ ਕਾਰਕੁਨਾਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਜ਼ਮੀਨੀ ਪੱਧਰ ’ਤੇ ਕਾਰਕੁਨਾਂ ਅਤੇ ਲੋਕਾਂ ਦੀ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।