ਪਾਲ ਸਿੰਘ ਨੌਲੀ
ਜਲੰਧਰ, 21 ਮਾਰਚ
ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਐਲਾਨੇ ਉਮੀਦਵਾਰਾਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਆਪ ਨੇ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅਸਲੀ ਚਿਹਰਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋ ਅਜਿਹੇ ਉਮੀਦਵਾਰ ਵੀ ਹਨ ਜਿਨ੍ਹਾਂ ਦਾ ਪੰਜਾਬ ਨਾਲ ਕੋਈ ਵਾਹ ਵਾਸਤਾ ਨਹੀਂ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 92 ਵਿਧਾਨ ਸਭਾ ਸੀਟਾਂ ਜਿਤਾ ਕੇ ਪੰਜਾਬ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਇਤਿਹਾਸਕ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਪੰਜਾਬੀ ਨਹੀਂ ਹਨ ਉਹ ਭਲਾ ਰਾਜ ਸਭਾ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਕਿਵੇਂ ਰੱਖਣਗੇ। ਉਨ੍ਹਾਂ ਕਿਹਾ ਕਿ ਰਾਜ ਸਭਾ ਇੱਕ ਅਜਿਹਾ ਕੌਮੀ ਮੰਚ ਹੈ ਜਿੱਥੇ ਚੁਣ ਕੇ ਜਾਣ ਵਾਲੇ ਮੈਂਬਰ ਆਪੋ ਆਪਣੇ ਸੂਬਿਆਂ ਦੇ ਹੱਕਾਂ ਹਿੱਤਾਂ ਦੀ ਰਾਖੀ ਕਰਦੇ ਹਨ ਤੇ ਉਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਸ਼ ਦੇ ਸਾਹਮਣੇ ਰੱਖਦੇ ਹਨ।