ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜਨਵਰੀ
ਸਿੱਖ ਜਥੇਬੰਦੀ ਦਲ ਖਾਲਸਾ ਨੇ ਪ੍ਰਧਾਨ ਮੰਤਰੀ ਦਾ ਦੌਰਾ ਰੱਦ ਹੋਣ ’ਤੇ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਨੂੰ ਦਿੱਲੀ ਵਾਪਸ ਜਾਣ ਲਈ ਮਜਬੂਰ ਕਰਕੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬੀ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਅਤੇ ਫਾਸ਼ੀਵਾਦੀ ਨੀਤੀਆਂ ਨੂੰ ਪਸੰਦ ਨਹੀਂ ਕਰਦੇ। ਇੱਥੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਥੇਬੰਦੀ ਦੇ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਕਾਇਤ ਕਰ ਰਹੇ ਹਨ ਕਿ ਕਿਸਾਨਾਂ ਦੇ ਰੋਸ ਕਾਰਨ ਉਨ੍ਹਾਂ ਦਾ ਕਾਫ਼ਲਾ ਫ਼ਿਰੋਜ਼ਪੁਰ ਫਲਾਈਓਵਰ ’ਤੇ 20 ਮਿੰਟ ਤੱਕ ਰੁਕਿਆ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਕਰਾਇਆ ਕਿ ਉਨ੍ਹਾਂ ਦੀ ਜਿੱਦ ਕਾਰਨ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਸਾਲ ਤੋ ਵੱਧ ਸਮਾਂ ਬੈਠਣਾ ਪਿਆ ਸੀ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਅਜਿਹੀ ਸਥਿਤੀ ਵਿਚ ਪੰਜਾਬ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁੱਝ ਹਿੰਦੂਤਵੀਆਂ ਵੱਲੋਂ ਸੋਸ਼ਲ ਮੀਡੀਆ ’ਤੇ 84 ਵਰਗੇ ਕਤਲੇਆਮ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਭਾਜਪਾ ਨਾਲ ਕੀਤੇ ਗਠਜੋੜ ਬਾਰੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਦੱਸਿਆ ਕਿ ਜਥੇਬੰਦੀ ਨੇ ਇਸ ਸਬੰਧੀ ਰਣਨੀਤੀ ਘੜਨ ਲਈ 16 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਕਾਨਫਰੰਸ ਕਰਨ ਤੇ 26 ਜਨਵਰੀ ਨੂੰ ਰਾਜ ਵਿਆਪੀ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ।