ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਖਿਆ ਕਿ ਕਰੋਨਾ ਵਿਰੁੱਧ ਲੜਾਈ ’ਚ ਸੂਬਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਮੁੱਖ ਮੰਤਰੀ ‘ਆਪ’ ’ਤੇ ਬੇਤੁਕੇ ਇਲਜ਼ਾਮ ਲਗਾ ਰਹੇ ਹਨ। ਪਾਰਟੀ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਮਾਸਟਰ ਬਲਦੇਵ ਸਿੰਘ ਨੇ ਆਖਿਆ ਕਿ ਕਰੋਨਾ ਦੇ ਮਰੀਜ਼ਾਂ ਅਤੇ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਕਰੋਨਾ ਨਾਲ ਮੌਤਾਂ ਦੀ ਦਰ ’ਚ ਪੰਜਾਬ ਦੇਸ਼ ਭਰ ਵਿੱਚੋਂ ਤੀਜੇ ਸਥਾਨ ’ਤੇ ਆ ਗਿਆ ਹੈ।