ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 10 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਹਾਲ ਹੀ ਵਿੱਚ ਕੰਗਨਾ ਰਣੌਤ ਅਤੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਵਿਚਕਾਰ ਪੈਦਾ ਹੋਏ ਵਿਵਾਦ ਉੱਤੇ ਕਿਹਾ ਕਿ ਕੰਗਨਾ ਰਣੌਤ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੁਲਵਿੰਦਰ ਕੌਰ ਨੂੰ ਇਸ ਕੇਸ ਵਿਚੋਂ ਬਾਹਰ ਕੱਢਣ ਦੀ ਵਕਾਲਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਗਰਾਹਾਂ ਨੇ ਕਿਹਾ ਕਿ ਕੰਗਨਾ ਕਿਸਾਨ ਅੰਦੋਲਨ ਦੌਰਾਨ ਵੀ ਕਿਸਾਨ ਬੀਬੀਆਂ ਅਤੇ ਕਿਸਾਨ ਭਰਾਵਾਂ ਖ਼ਿਲਾਫ਼ ਗਲਤ ਸ਼ਬਦਾਵਲੀ ਦੀ ਵਰਤੋਂ ਕਰਦੀ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੰਗਨਾ ਨੇ ਜਾਣਬੁਝ ਕੇ ਕੁਲਵਿੰਦਰ ਕੌਰ ਨੂੰ ਖਾਲਿਸਤਾਨੀ ਕਹਿ ਕੇ ਉਕਸਾਇਆ ਸੀ ਜਿਸ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਇਹ ਕਦਮ ਪੁੱਟਣ ਲਈ ਮਜਬੂਰ ਹੋਣਾ ਪਿਆ।