ਚੰਡੀਗੜ੍ਹ, 23 ਸਤੰਬਰ
ਪੰਜਾਬ ਅਨੁਸੂਚਿਤ ਜਾਤੀਆਂ ਸਬੰਧੀ ਕਮਿਸ਼ਨ ਨੇ ਵੀਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਕਥਿਤ ਤੌਰ ’ਤੇ ਜਾਤੀਸੂਚਕ ਟਿੱਪਣੀਆਂ ਦਾ ਖ਼ੁਦ ਨੋਟਿਸ ਲੈਂਦਿਆਂ ਪੁਲੀਸ ਨੂੰ ਅੱਜ ਕਾਰਵਾਈ ਦਾ ਆਦੇਸ਼ ਦਿੱਤਾ। ਉਨ੍ਹਾਂ ਇਸ ਸਬੰਧੀ 29 ਸਤੰਬਰ ਤੱਕ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਕਿਹਾ,‘ਫੇਸਬੁੱਕ ’ਤੇ ਇਕ ਵਿਅਕਤੀ ਨੇ ਆਪਣੇ ਅਕਾਊਂਟ ਤੋਂ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਮੰਦੀ ਤੇ ਜਾਤੀਸੂਚਕ ਟਿੱਪਣੀਆਂ ਕੀਤੀਆਂ। ਇਹ ਪੋਸਟ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।’ ਇਸ ਦਾ ਖ਼ੁਦ ਨੋਟਿਸ ਲੈਂਦਿਆਂ ਚੇਅਰਪਰਸਨ ਨੇ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦਾ ਹੁਕਮ ਦਿੱਤਾ। -ਪੀਟੀਆਈ