ਪਾਲ ਸਿੰਘ ਨੌਲੀ
ਜਲੰਧਰ, 30 ਸਤੰਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਵੱਖਵਾਦੀ ਤਾਕਤਾਂ ਦੇ ਮੁੜ ਸੂਬੇ ਵਿਚ ਸਰਗਰਮ ਹੋਣ ਨੂੰ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਖਤਰਾ ਦੱਸਦਿਆਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਇਸ ਮੁੱਦੇ ’ਤੇ ਮੁੱਖ ਮੰਤਰੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਇੱਥੇ ਭਾਜਪਾ ਵੱਲੋਂ ਕਰਵਾਈ ਜਨਤਾ ਦੀ ਵਿਧਾਨ ਸਭਾ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ ਆਗੂ ਵੱਖਵਾਦੀ ਲੋਕਾਂ ਦੇ ਘਰਾਂ ਵਿੱਚ ਰਹਿਣ ਲਈ ਪਹੁੰਚੇ ਸਨ। ਉਸ ਵੇਲੇ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਦੇ ਇਰਾਦਿਆਂ ਨੂੰ ਸਮਝਦਿਆਂ ਇਨ੍ਹਾਂ ਨੂੰ ਨਕਾਰ ਦਿੱਤਾ ਸੀ ਪਰ ਹੁਣ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਵੱਖਵਾਦੀ ਵਿਦੇਸ਼ਾਂ ਤੋਂ ਪਰਤ ਆਏ ਹਨ ਤੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀਆਂ ਗੱਲਾਂ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੇ ਵੱਖਵਾਦੀਆਂ ਦੀਆਂ ਸਰਗਰਮੀਆਂ ਵਿਚ ਕੀ ਸਾਂਝਾ ਹੈ, ਇਸ ਬਾਰੇ ਮੁੱਖ ਮੰਤਰੀ ਨੂੰ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਵਿਚ ਵਧ ਰਹੇ ਗੈਂਗਸਟਰ ਕਲਚਰ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਇਸ ਤੋਂ ਪਹਿਲਾਂ ਭਾਜਪਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਮਾਨਅੰਤਰ ਜਨਤਾ ਦੀ ਵਿਧਾਨ ਸਭਾ ਲਗਾਉਂਦਿਆਂ ਸੂਬਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਭਾਜਪਾ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਮਾਮਲਿਆਂ ਸਬੰਧੀ ਕਿਹਾ ਕਿ ਇਸ ਵੇਲੇ ਹਰ ਇਲਾਕੇ ਵਿਚ ਨਸ਼ੇ ਮਿਲ ਰਹੇ ਹਨ। ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਉਂਦਿਆਂ ਭਾਜਪਾ ਆਗੂਆਂ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਪੰਜਾਬ ਹੁਣ ਗੈਂਗਸਟਰਾਂ ਦੀ ਪੰਸਦੀਦਾ ਥਾਂ ਬਣ ਕੇ ਰਹਿ ਗਿਆ ਹੈ।