ਸਤਵਿੰਦਰ ਬਸਰਾ
ਲੁਧਿਆਣਾ, 19 ਜੂਨ
ਕੇਂਦਰ ਦੀ ‘ਅਗਨੀਪਥ’ ਯੋਜਨਾ ਦੇ ਵਿਰੋਧ ਵਿੱਚ ਬੀਤੇ ਦਿਨ ਲੁਧਿਆਣਾ ਦੇ ਰੇਲਵੇ ਸਟੇਸ਼ਨ ’ਤੇ ਨੌਜਵਾਨਾਂ ਵੱਲੋਂ ਕੀਤੀ ਗਈ ਭੰਨ-ਤੋੜ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਏਡੀਜੀਪੀ (ਰੇਲਵੇ) ਐੱਮਐੱਫ ਫਾਰੂਕੀ ਅੱਜ ਲੁਧਿਆਣਾ ਪੁੱਜੇ। ਇਸ ਮੌਕੇ ਰੇਲਵੇ ਅਤੇ ਸਥਾਨਕ ਪੁਲੀਸ ਪ੍ਰਸ਼ਾਸਨ ਦੇ ਵੱਡੀ ਗਿਣਤੀ ਉੱਚ ਅਧਿਕਾਰੀ ਵੀ ਮੌਜੂਦ ਸਨ।
ਏਡੀਜੀਪੀ ਨੇ ਆਪਣੇ ਦੌਰੇ ਦੌਰਾਨ ਰੇਲਵੇ ਸਟੇਸ਼ਨ ਅੰਦਰ ਦਾਖਲ ਹੋਣ ਵਾਲੇ ਸਾਰੇ ਰਾਹਾਂ ’ਤੇ ਸੁਰੱਖਿਆ ਪ੍ਰਬੰਧਾਂ ਸਣੇ ਭੰਨ-ਤੋੜ ਨਾਲ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ। ਭਾਰੀ ਪੁਲੀਸ ਫੋਰਸ ਦੀ ਹਾਜ਼ਰੀ ਵਿੱਚ ਗੱਲਬਾਤ ਕਰਦਿਆਂ ਸ੍ਰੀ ਫਾਰੂਕੀ ਨੇ ਦੱਸਿਆ ਕਿ ਰੇਲਵੇ ਸਟੇਸ਼ਨ ’ਤੇ ਪਹੁੰਚਣ ਲਈ ਕਈ ਰਾਹ ਹਨ, ਪਰ ਹੁਣ ਪਰ ਰੇਲਵੇ ਦੀ ਪ੍ਰਾਪਰਟੀ ਨੂੰ ਨੁਕਸਾਨ ਤੋਂ ਬਚਾਉਣ ਲਈ ਸਾਰੇ ਰਾਹਾਂ ’ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰੇਲਵੇ ਪੁਲੀਸ ਕਾਰਨ ਸਥਾਨਕ ਸਟੇਸ਼ਨ ’ਤੇ ਰੇਲਵੇ ਦੀ ਪ੍ਰਾਪਰਟੀ ਦਾ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਪੁਲੀਸ ਪ੍ਰਸਾਸ਼ਨ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਪਾਏ ਜਾਣ ਵਾਲੇ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੂਬੇ ਦੇ ਸਾਰੇ ਹੀ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਉਧਰ ਏਡੀਜੀਪੀ (ਰੇਲਵੇ) ਦੇ ਦੌਰੇ ਸਬੰਧੀ ਰੇਲਵੇ ਸਟੇਸ਼ਨ ’ਤੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਛਾਉਣੀ ਵਾਂਗ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਦੱਸਣਯੋਗ ਹੈ ਕਿ ਸ਼ਨਿਚਰਵਾਰ ਨੂੰ ਕੁਝ ਨੌਜਵਾਨਾਂ ਨੇ ਕੇਂਦਰ ਵੱਲੋਂ ਫੌਜ ਵਿੱਚ ਭਰਤੀ ਲਈ ਨਵੀਂ ਐਲਾਨੀ ‘ਅਗਨੀਪਥ’ ਯੋਜਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਸੀ।