ਪੱਤਰ ਪ੍ਰੇਰਕ
ਅਟਾਰੀ, 30 ਜੂਨ
ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿੱਚ ਮਨਾਉਣ ਉਪਰੰਤ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਵਤਨ ਪਰਤ ਆਇਆ ਹੈ। ਅਟਾਰੀ ਸਰਹੱਦ ’ਤੇ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਬੂਹ ਨੇ ਦੱਸਿਆ ਕਿ 29 ਜੂਨ ਨੂੰ ਬਰਸੀ ਮਨਾਉਣ ਉਪਰੰਤ ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕੀਤੇ।
ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੀ ਸਮਾਧ ’ਤੇ 27 ਜੂਨ ਨੂੰ ਅਖੰਡ ਪਾਠ ਆਰੰਭ ਹੋਏ ਅਤੇ 29 ਜੂਨ ਨੂੰ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਮਰਦਾਨਾ ਵੰਸ਼ ਦੇ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਬਰਸੀ ਨੂੰ ਸਮਰਪਿਤ ਮੁੱਖ ਸਮਾਗਮ ਗੁਰਦੁਆਰਾ ਡੇਹਰਾ ਸਾਹਿਬ ਵਿੱਚ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਜਗਮੋਹਨ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਾਤਾਨਕੂਲ ਬੱਸਾਂ ਰਾਹੀਂ ਯਾਤਰਾ ਕਰਵਾਈ ਗਈ। ਸਰਕਾਰ ਵੱਲੋਂ ਜਥੇ ਦੀ ਯਾਤਰਾ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਵਧੇ ਬੱਸ ਕਿਰਾਏ ਦਾ ਕੋਈ ਵਿਵਾਦ ਨਹੀਂ ਸੀ। ਡਾ. ਗੁਰਤੇਜ ਸਿੰਘ ਠੀਕਰੀਵਾਲਾ ਜੋ ਪਰਿਵਾਰਕ ਮੈਂਬਰਾਂ ਨਾਲ ਗਏ ਸਨ, ਨੇ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਾਡੀ ਅਰਦਾਸ ‘ਸੇਵਾ-ਸੰਭਾਲ ਖਾਲਸਾ ਜੀ ਨੂੰ ਬਖਸ਼ੋ ਜੀ’ ਅਜੇ ਪੂਰੀ ਨਹੀਂ ਹੋ ਸਕੀ।