ਦਿਲਬਾਗ ਸਿੰਘ ਗਿੱਲ
ਅਟਾਰੀ, 30 ਜੂਨ
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਅੱਜ ਪਾਕਿਸਤਾਨ ਤੋਂ ਭਾਰਤੀ ਸਿੱਖ ਜਥਾ ਵਤਨ ਪਰਤਿਆ। ਇਸ ਸਬੰਧੀ ਅਮੋਲਕ ਸਿੰਘ ਵਾਸੀ ਮੋਹਨ ਭੰਡਾਰੀ, ਅਜਨਾਲਾ ਨੇ ਦੱਸਿਆ ਕਿ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਕਿਸੇ ਸਿੱਖ ਸ਼ਰਧਾਲੂ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਇਸ ਤੋਂ ਇਲਾਵਾ ਭਾਰਤ ਤੋਂ ਗਏ ਸ਼ਰਧਾਲੂਆਂ ਲਈ ਪਾਕਿਸਤਾਨ ਸਰਕਾਰ ਵੱਲੋਂ ਸਖਤ ਸੁਰੱਖਿਆ ਪ੍ਰਬੰਤ ਕੀਤੇ ਗਏ ਸਨ।
ਭਾਰਤ ਤੋਂ ਗਏ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲੜਾ ਮਿਸ਼ਨ ਕਮੇਟੀ, ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਖਾਲੜਾ ਮਿਸ਼ਨ ਕਮੇਟੀ ਤੇ ਰਾਜਸਥਾਨ ਦੇ ਸ਼ਰਧਾਲੂ ਆਦਿ ਸ਼ਾਮਿਲ ਸਨ। ਜਥੇ ਦੀ ਵਾਪਸੀ ਸਮੇਂ ਅਟਾਰੀ ਸਰਹੱਦ ’ਤੇ ਗੱਲਬਾਤ ਕਰਦਿਆਂ ਦਰਸ਼ਨ ਸਿੰਘ ਨੇ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੇ ਲਾਹੌਰ ’ਚ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਈ ਅਤੇ ਗੁਰਧਾਮਾਂ ਦੇ ਦਰਸ਼ਨ ਕੀਤੇ। ਉਨ੍ਹਾਂ ਦੱਸਿਆ ਕਿ ਭਾਰਤੀ ਸਿੱਖ ਜਥੇ ਵੱਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਉੱਥੋਂ ਦੇ ਸਥਾਨਕ ਗੁਰਦੁਆਰਿਆਂ ਅਤੇ ਗੁਰਦੁਆਰਾ ਸੱਚਾ ਸੌਦਾ (ਮੰਡੀ ਚੂਹੜਕਾਣਾ ਸ਼ੇਖੂਪੁਰਾ), ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ), ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ ਗੁਰਦੁਆਰਾ ਸ੍ਰੀ ਕਰਤਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ।
ਪਾਕਿ ਤੋਂ ਪਰਤੇ ਸਿੱਖ ਸ਼ਰਧਾਲੂ ਦੀ ਅਟਾਰੀ ਸਰਹੱਦ ’ਤੇ ਮੌਤ
ਅਟਾਰੀ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿਸਤਾਨ ਤੋਂ ਪਰਤੇ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਿਲ ਇੱਕ ਸ਼ਰਧਾਲੂ ਦੀ ਅੱਜ ਅਟਾਰੀ ਸਰਹੱਦ ’ਤੇ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਸੁਖਦੇਵ ਸਿੰਘ ਵਾਸੀ ਪਿੰਡ ਝੌਰ ਟਹਿਲ ਸਿੰਘ ਵਾਲਾ ਪਾਕਿਸਤਾਨ ਵਿੱਚ ਗੁਰਧਾਮਾਂ ਦੀ ਯਾਤਰਾ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਪੈਰ ’ਤੇ ਸੱਟ ਲੱਗਣ ਕਰਕੇ ਜ਼ਖਮੀ ਹੋ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਸਿੱਖ ਸ਼ਰਧਾਲੂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਫਿਰੋਜ਼ਪੁਰ ਭਿਜਵਾ ਦਿੱਤੀ ਹੈ। -ਪੱਤਰ ਪ੍ਰੇਰਕ