ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 18 ਜੂਨ
ਹਾਲ ਹੀ ਵਿੱਚ ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਿੰਤਨ ਮਗਰੋਂ ਲੋਕਾਂ ਦਾ ਭਰੋਸਾ ਜਿੱਤਣ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਰਕਤ ਵਿੱਚ ਦਿਖਾਈ ਦੇ ਰਹੇ ਹਨ।
ਮੁਹਾਲੀ ਪ੍ਰਸ਼ਾਸਨ ਨੇ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਪਹਿਲੀ ਮੰਜ਼ਲ ’ਤੇ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਿਤ ਕੀਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਨਾਗਰਿਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੰਮ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੋਕ ਆਪਣੇ ਕੰਮਾਂ ਲਈ ਖੱਜਲ-ਖੁਆਰ ਹੋ ਰਹੇ ਸਨ। ਡੀਸੀ ਨੇ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਐਸਡੀਐਮ ਦੀਪਾਂਕਰ ਗਰਗ ਅਤੇ ਡੀਆਰਓ ਹਰਮਿੰਦਰ ਸਿੰਘ ਹੁੰਦਲ ਜਿਨ੍ਹਾਂ ਕੋਲ ਸਹਾਇਕ ਕਮਿਸ਼ਨਰ (ਜ) ਦਾ ਵਾਧੂ ਚਾਰਜ ਵੀ ਹੈ, ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਅੱਜ ਤੋਂ ਹੀ ਰਿਸੈਪਸ਼ਨ-ਕਮ ਹੈਲਪ ਡੈਸਕ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਿਹਾ ਹੈ।