ਆਤਿਸ਼ ਗੁਪਤਾ
ਚੰਡੀਗੜ੍ਹ, 24 ਮਈ
ਹਿਸਾਰ ਵਿੱਚ 16 ਮਈ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਰੋਨਾ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੁਲੀਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ ’ਤੇ 350 ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਸੀ ਜਿਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਹਿਸਾਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾ ਦੇ ਦਬਾਅ ਹੇਠ ਹਰਿਆਣਾ ਸਰਕਾਰ ਨੇ ਹਿਸਾਰ ਵਿੱਚ ਦਰਜ ਪੁਲੀਸ ਕੇਸ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਜਦਕਿ ਪਹਿਲਾਂ ਵੀ ਕਿਸਾਨਾਂ ਖ਼ਿਲਾਫ਼ ਦਰਜ ਹੋਰਨਾਂ ਕੇਸ ਵਾਪਸ ਲੈਣ ਲਈ ਇਕ ਮਹੀਨੇ ਦੇ ਸਮੇਂ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਅੱਜ ਦੇ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਕਿਸਾਨ ਰਾਮਚੰਦਰ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਗਿਆ।
ਇਹ ਪ੍ਰਗਟਾਵਾ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਸਣੇ ਹੋਰਨਾਂ ਆਗੂਆਂ ਨਾਲ ਦੋ ਘੰਟੇ ਦੀ ਬੈਠਕ ਤੋਂ ਬਾਅਦ ਲਿਆ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਦੌਰਾਨ ਐਲਾਨ ਕਰ ਦਿੱਤਾ ਸੀ ਕਿ ਜੇਕਰ ਹਰਿਆਣਾ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨਦੀ ਤਾਂ ਹਿਸਾਰ ਵਿੱਚ ਇਕ ਹੋਰ ਅੰਦੋਲਨ ਸ਼ੁਰੂ ਕਰ ਦਿੱਤਾ ਜਾਵੇਗਾ।