ਦਵਿੰਦਰ ਪਾਲ
ਚੰਡੀਗੜ੍ਹ, 9 ਦਸੰਬਰ
ਪੰਜਾਬ ਵਿੱਚ ਪਿਛਲੇ ਸਵਾ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਰਵੱਈਏ ਤੋਂ ਬਾਅਦ ਸੂਬੇ ਵਿੱਚ ਸੰਘਰਸ਼ ਤੇਜ਼ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਮੂਹਰੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅਤੇ ਟੌਲ ਪਲਾਜ਼ਿਆਂ ’ਤੇ ਚੱਲ ਰਹੇ ਦਿਨ ਰਾਤ ਦੇ ਧਰਨਿਆਂ ਦੌਰਾਨ ਕਿਸਾਨਾਂ ਨੇ ਅੱਜ ਮੋਦੀ ਸਰਕਾਰ ਵਿਰੁਧ ਸੁਰ ਤਿੱਖੀ ਕਰ ਦਿੱਤੀ।
ਕਿਸਾਨ ਆਗੂਆਂ ਨੇ ਦੱਸਿਆ ਕਿ ਸੂਬੇ ਵਿੱਚ ਅੰਦੋਲਨ ਦੀ ਅਗਵਾਈ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਅੱਜ 100 ਤੋਂ ਵੱਧ ਥਾਵਾਂ ’ਤੇ ਧਰਨਾ-ਪ੍ਰਦਰਸ਼ਨ ਕੀਤੇ ਗਏ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਥਾਂ ਸੋਧਾਂ ਦਾ ਪ੍ਰਸਤਾਵ ਭੇਜੇ ਜਾਣ ਦੀ ਨਿੰਦਾ ਕਰਦਿਆਂ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਜੋਟੀਦਾਰਾਂ ਦੇ ਭਰਮ-ਭੁਲੇਖੇ ਵੀ ਦੂਰ ਕਰੇਗਾ ਤੇ ਹੰਕਾਰ ਵੀ ਤੋੜੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਮਨ ਦੀ ਬਾਤ ਸੁਣਾਉਣ ਵਾਲੇ ਪ੍ਰਧਾਨ ਮੰਤਰੀ ਦੀ ਅਸਲੀਅਤ ਹੁਣ ਸਾਹਮਣੇ ਆ ਗਈ ਹੈ ਕਿ ਲੱਖਾਂ ਲੋਕ ਦੋ ਮਹੀਨਿਆਂ ਦੇ ਵੀ ਵੱਧ ਸਮੇਂ ਤੋਂ ਸੜਕਾਂ ’ਤੇ ਬੈਠੇ ਹਨ ਪ੍ਰੰਤੂ ਉਨ੍ਹਾਂ ਨੂੰ ਲੋਕਾਂ ਦੇ ਮਨ ਦੀ ਆਵਾਜ਼ ਸੁਣਾਈ ਨਹੀਂ ਦੇ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਤਾਨਾਸ਼ਾਹ ਵਾਂਗ ਵਿਚਰ ਰਹੇ ਹਨ ਅਤੇ ਤਾਨਾਸ਼ਾਹਾਂ ਦਾ ਹੰਕਾਰ ਜਨਤਾ ਹੀ ਤੋੜਦੀ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਪੂਰੇ ਭਾਰਤ ਵਿੱਚ ਫੈਲਾਉਣ ’ਚ ਉਭਰਵਾਂ ਰੋਲ ਨਿਭਾਉਂਦਿਆਂ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੱਕੇ ਦਿੱਲੀ ਮੋਰਚੇ ਵਿੱਚ ਲਾਮਿਸਾਲ ਸ਼ਮੂਲੀਅਤ ਤੋਂ ਇਲਾਵਾ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਵੀ ਭਾਜਪਾ ਆਗੂਆਂ ਦੇ ਘਰਾਂ ਅਤੇ ਕਾਰਪੋਰੇਟ ਕਾਰੋਬਾਰਾਂ ਦੇ 40 ਥਾਈਂ ਧਰਨੇ ਜਾਂ ਘਿਰਾਓ ਦਿਨ-ਰਾਤ ਜਾਰੀ ਹਨ। ਕਿਸਾਨ ਆਗੂ ਨੇ ਦੱਸਿਆ ਕਿ ਪੰਜਾਬ ਦੇ ਲਗਭਗ ਹਰ ਪਿੰਡ ’ਚੋਂ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨਾਂ-ਮਜ਼ਦੂਰਾਂ ਦੇ ਜਥੇ ਸਾਰੇ ਮੋਰਚਿਆਂ ਵਿੱਚ ਰੋਜ਼ਾਨਾ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਮੋਰਚੇ ਅਤੇ ਪੰਜਾਬ ਵਿੱਚ ਲੱਗੇ ਧਰਨਿਆਂ ਵਿਚ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੀ ਗਿਣਤੀ ਰੋਜ਼ਾਨਾ ਵਧ ਰਹੀ ਹੈ। ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਹਕੂਮਤ ਦੀਆਂ ਛਲ ਅਤੇ ਬਲ ਦੀਆਂ ਕੋਝੀਆਂ ਚਾਲਾਂ ਦਾ ਮੂੰਹ-ਤੋੜ ਜਵਾਬ ਸੰਘਰਸ਼ੀ ਇਕਜੁੱਟਤਾ ਅਤੇ ਆਪਾ ਵਾਰੂ ਦ੍ਰਿੜ੍ਹਤਾ ਨਾਲ ਦਿੱਤਾ ਜਾਵੇਗਾ।