ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 26 ਨਵੰਬਰ
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਮਾਲਪੁਰ ਟੌਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ 43ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਅੱਜ ਇਲਾਕੇ ਵਿੱਚੋਂ ਕਿਸਾਨ ਆਗੂ ਦਰਜਨਾਂ ਟਰਾਲੀਆਂ ਰਾਹੀਂ ਦਿੱਲੀ ਲਈ ਰਵਾਨਾ ਹੋਏ। ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿਲ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨੇ ਤੇ ਮੁਜ਼ਾਹਰੇ ਜਾਰੀ ਰਹਿਣਗੇ।
ਅਮਲੋਹ (ਪੱਤਰ ਪ੍ਰੇਰਕ): ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀ ਨਾਲ ਕਿਸਾਨਾਂ ਦਾ ਵੱਡਾ ਕਾਫ਼ਲਾ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਾ ਹੋਇਆ ਦਿੱਲੀ ਲਈ ਰਵਾਨਾ ਹੋਇਆ ਉਥੇ ਹੀ ਸੌਂਟੀ ਪਿੰਡ ਤੋਂ ਜਿੱਥੇ ਕਿਸਾਨ ਗਏ ਉੱਥੇ ਹੀ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਜਾਰੀ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਬੀਤੇ ਰਾਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਪਹੁੰਚੇ ਵਰਕਰ ਅਤੇ ਆਗੂ ਦਿੱਲੀ ਲਈ ਰਵਾਨਾ ਹੋ ਗਏ।
ਸ੍ਰੀ ਆਨੰਦਪੁਰ ਸਾਹਿਬ/ਕੀਰਤਪੁਰ ਸਾਹਿਬ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਖ਼ਿਲਾਫ਼ ਚਲ ਰਹੇ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਲਈ ਅੱਜ ਪਿੰਡ ਢੇਰ ਤੋਂ ਕਾਮਰੇਡ ਸੁਰਜੀਤ ਸਿੰਘ ਢੇਰ ਦੀ ਅਗਵਾਈ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਨਾਲ ਲੈ ਕੇ ਕਾਫਲਾ ਰਵਾਨਾ ਹੋਇਆ। ਜਦਕਿ ਇਸੇ ਤਰ੍ਹਾਂ ਨੱਕੀਆਂ ਟੌਲ ਪਲਾਜ਼ਾ ਤੋਂ ਕਿਸਾਨ ਮਜ਼ਦੂਰ ਏਕਤਾ ਮੰਚ ਵੱਲੋਂ ਇੱਕ ਜਥਾ ਝੰਡੀ ਦਿਖਾ ਕੇ ਦਿੱਲੀ ਨੂੰ ਰਵਾਨਾ ਕੀਤਾ ਗਿਆ।