ਦਵਿੰਦਰ ਪਾਲ
ਚੰਡੀਗੜ੍ਹ, 20 ਫਰਵਰੀ
ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੀਤੀਆਂ ਗਈਆਂ ਮਹਾਰੈਲੀਆਂ ਨੇ ਕਿਸਾਨੀ ਅੰਦੋਲਨ ਨੂੰ ਹੋਰ ਭਖਾ ਦਿੱਤਾ ਹੈ। ਸੂਬੇ ਵਿੱਚ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਚੱਲ ਰਹੇ ਧਰਨਿਆਂ ’ਚ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ ਪਹਿਲਾਂ ਵਾਂਗ ਹੀ ਬਰਕਰਾਰ ਹੈ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਆਖਿਆ ਕਿ ਪੰਜਾਬ ਤੋਂ ਉੱਠੇ ਕਿਸਾਨੀ ਅੰਦੋਲਨ ਨੂੰ ਮਿਲੀ ਕੌਮਾਂਤਰੀ ਹਮਾਇਤ ਤੋਂ ਮੋਦੀ ਸਰਕਾਰ ਘਬਰਾਹਟ ਵਿੱਚ ਹੈ। ਜਿਸ ਕਾਰਨ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੀਆਂ ਕੌਮੀ ਅਤੇ ਕੌਮਾਂਤਰੀ ਸ਼ਖ਼ਸੀਅਤਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੂੰ ਖੇਤੀ ਸਬੰਧੀ ਲਿਆਂਦੇ ਕਾਲੇ ਕਾਨੂੰਨ ਵਾਪਸ ਲੈ ਕੇ ਆਪਣਾ ਅਕਸ ਸੁਧਾਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇ ਪੈਂਤੜੇ ਜਮਹੂਰੀਅਤ ਨੂੰ ਦਾਗਦਾਰ ਕਰ ਰਹੇ ਹਨ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਅਗਵਾਈ ਵਿਚ ਚੱਲੀ ‘ਪਗੜੀ ਸੰਭਾਲ ਜੱਟਾ’ ਲਹਿਰ ਦਾ ਝਲਕਾਰਾ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੀ ਲਹਿਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਵੱਡੀ ਪੱਧਰ ’ਤੇ ਨੌਜਵਾਨ ਅਜੀਤ ਸਿੰਘ ਦੇ ਪੋਸਟਰ ਅਤੇ ਬੈਨਰ ਟਰੈਕਟਰਾਂ ’ਤੇ ਲਾ ਕੇ ਅਤੇ ਹਿੱਕਾਂ ’ਤੇ ਬੈਜ ਸਜਾ ਕੇ ਅੰਦੋਲਨਾਂ ’ਚ ਸ਼ਾਮਲ ਹੋ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਨ ਨੂੰ ‘ਪਗੜੀ ਸੰਭਾਲ’ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ ਕਿਉਂਕਿ ਅੱਜ ਦੇ ਭਾਰਤੀ ਹਾਕਮ ਵੀ ਸਾਮਰਾਜੀ ਵਿਸ਼ਵ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਫੰਡ, ਸੰਸਾਰ ਬੈਂਕ ਵਰਗੀਆਂ ਸੰਸਥਾਵਾਂ ਦੇ ਦਿਸ਼ਾ ਨਿਰਦੇਸ਼ਨਾਂ ਤਹਿਤ ਖੇਤੀ ਖੇਤਰ ਦੇ ਉਜਾੜੇ ਲਈ ਤਿੰਨੇ ਖੇਤੀ ਕਾਨੂੰਨ ਲੈ ਕੇ ਆਏ ਹਨ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਖੇਤੀ ਉੱਪਰ ਨਿਰਭਰ 60 ਫੀਸਦੀ ਵਸੋਂ ਅਤੇ ਪਿੰਡਾਂ ਵਿੱਚ ਵਸਦੀ 72 ਫੀਸਦੀ ਵਸੋਂ ਦਾ ਉਜਾੜਾ ਹੋਵੇਗਾ।
ਮਾਂ ਬੋਲੀ ਦਿਵਸ ਦੀ ਵਧਾਈ
ਲੁਧਿਆਣਾ (ਟਨਸ): ਲਾਲ ਕਿਲਾ ਘਟਨਾ ਦੇ ਮਾਮਲੇ ਵਿਚ ਦਿੱਲੀ ਪੁਲੀਸ ਵੱਲੋਂ ਲੱਖਾ ਸਿਧਾਣਾ ’ਤੇ ਇੱਕ ਲੱਖ ਰੁਪਏ ਇਨਾਮ ਐਲਾਨਣ ਤੋਂ ਬਾਅਦ ਅੱਜ ਲੱਖੇ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਲੋਕਾਂ ਨੂੰ ਮਾਂ ਬੋਲੀ ਦਿਵਸ ਦੀ ਵਧਾਈ ਦਿੱਤੀ। ਉਸ ਨੇ ਦੱਸਿਆ ਕਿ ਕੇਂਦਰ ਵੱਲੋਂ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਵਿਰੁੱਧ 23 ਫਰਵਰੀ ਨੂੰ ਪਿੰਡ ਮਹਿਰਾਜ ਵਿੱਚ ਰੈਲੀ ਕੀਤੀ ਜਾ ਰਹੀ ਹੈ।
ਬਰਨਾਲਾ ਮਹਾਰੈਲੀ ਦੀਆਂ ਤਿਆਰੀਆਂ ਮੁਕੰਮਲ
ਬਰਨਾਲਾ (ਪਰਸ਼ੋਤਮ ਬੱਲੀ): ਇਥੋਂ ਦੀ ਅਨਾਜ ਮੰਡੀ ਵਿੱਚ 21 ਫਰਵਰੀ ਨੂੰ ਕਰਵਾਈ ਜਾ ਰਹੀ ਕਿਸਾਨ-ਮਜ਼ਦੂਰ ਏਕਤਾ ਮਹਾਰੈਲੀ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲ ਤੇ ਬੀਕੇਯੂ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਮਹਾਰੈਲੀ ਘੋਲ ਨੂੰ ਹੋਰ ਮਜ਼ਬੂਤ ਤੇ ਵਿਸ਼ਾਲ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮਹਾ ਰੈਲੀ ਵਿੱਚ ਸੂਬੇ ਭਰ ਤੋਂ 2 ਲੱਖ ਤੋਂ ਵੱਧ ਲੋਕਾਂ ਦਾ ਇਕੱਠ ਹੋਵੇਗਾ, ਜਿਸ ਵਿੱਚ 70-80 ਹਜ਼ਾਰ ਔਰਤਾਂ ਸ਼ਿਰਕਤ ਕਰਨਗੀਆਂ| ਆਗੂਆਂ ਨੇ ਕਿਹਾ ਕਿ ਇਹ ਲੜਾਈ ਧਰਮ ਦੀ ਨਹੀਂ ਸਗੋਂ ਨਿਰੋਲ ਕਿਸਾਨ-ਮਜ਼ਦੂਰਾਂ ਦੀ ਹੈ ਤੇ ਕਿਰਤ ਸ਼ਕਤੀ ਇਸ ਦਾ ਧੁਰਾ ਹੈ| ਸੂਬਾਈ ਆਗੂ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਕਾਨੂੰਨ ਕਿਰਤੀਆਂ ਤੋਂ ਜ਼ਮੀਨਾਂ ਖੋਹ ਕੇ ਪੂੰਜੀਪਤੀਆਂ ਹਵਾਲੇ ਕਰਨ ਵੱਲ ਸੇਧਤ ਹਨ| ਉਨ੍ਹਾਂ ਕਿਹਾ ਕਿ ਦੇਸ਼ ਦੀ ਖੇਤੀਬਾੜੀ ’ਤੇ ਨਿਰਭਰ ਕਰੀਬ 70 ਫੀਸਦੀ ਆਬਾਦੀ ਦੇ ਹਿੱਤਾਂ ਤੋਂ ਮੂੰਹ ਫੇਰ ਕੇ ਪੂੰਜੀਪਤੀਆਂ ਦੀ ਰਖੇਲ ਬਣ ਚੁੱਕੀ ਹੈ ਕੇਂਦਰ ਦੀ ਮੋਦੀ ਹਕੂਮਤ ਨੂੰ ਪਛਾੜਨ ਲਈ ਲੋਕ ਤਾਕਤ ਦਾ ਮਜ਼ਬੂਤੀ ਨਾਲ ਜਥੇਬੰਦ ਹੋਣਾ ਸਮੇਂ ਦੀ ਪ੍ਰਮੁੱਖ ਲੋੜ ਹੈ। ਬੀਕੇਯੂ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਕਰੀਬ 9 ਲੱਖ ਵਰਗ ਫੁੱਟ ਖੁੱਲ੍ਹੇ ਪੰਡਾਲ ਦੀ ਮੈਟਿੰਗ, ਸਾਊਂਡ ਸਿਸਟਮ, ਚਾਹ-ਪਾਣੀ ਤੇ ਪਖਾਨਿਆਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ|