ਰਾਜਨ ਮਾਨ
ਮਜੀਠਾ, 9 ਅਕਤੂਬਰ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਖੇਤਾਂ ਵਿੱਚ ਝੋਨੇ ਦੀ ਕਟਾਈ ਮਗਰੋਂ ਇਕੱਠੀ ਹੋਈ ਪਰਾਲੀ ਨੂੰ ਸੰਭਾਲਣ ਲਈ ਆਪਣੇ ਟਰੈਕਟਰ ਨਾਲ ਬੇਲਰ ਚਲਾ ਕੇ ਪਰਾਲੀ ਦੀਆਂ ਗੰਢਾਂ ਬੰਨ੍ਹੀਆਂ। ਉਨ੍ਹਾਂ ਕਿਹਾ ਕਿ ਇਹ ਕੰਮ ਉਨ੍ਹਾਂ ਸਿਰਫ਼ ਖ਼ੁਦ ਲਈ ਨਹੀਂ, ਸਗੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਹੈ। ਉਨ੍ਹਾਂ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਥਾਂ ਉਸ ਨੂੰ ਸੰਭਾਲਣ ਲਈ ਅੱਗੇ ਆਉਣ।
ਸ੍ਰੀ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਇਸ ਕੰਮ ਵਿੱਚ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਖੁਸ਼ਹਾਲ ਕਿਸਾਨ ਸਭ ਤੋਂ ਵੱਡਾ ਮੁੱਦਾ ਹੈ ਤੇ ਖੇਤੀ ਨੂੰ ਮੁਨਾਫ਼ੇ ਵਿੱਚ ਲਿਆਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਨੂੰ ਬੰਜਰ ਨਾ ਕਰਨ, ਸਗੋਂ ਇਸ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਹੋਰ ਵਧਾਉਣ। ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਵੱਲੋਂ ਮਨਰੇਗਾ ਤਹਿਤ ਵੀ ਪਰਾਲੀ ਇਕੱਠੀ ਕਰਨ ਦਾ ਕੰਮ ਕਰਵਾਇਆ ਜਾਵੇਗਾ ਤਾਂ ਜੋ ਕਿਸਾਨਾਂ ਦੀ ਮਦਦ ਹੋ ਸਕੇ। ਮੰਤਰੀ ਧਾਲੀਵਾਲ ਨੇ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫ਼ਸਲਾਂ ਬੀਜਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮਾਨ ਸਰਕਾਰ ਹਰ ਵੇਲੇ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ, ਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਤੇ ਬਲਦੇਵ ਸਿੰਘ ਬੱਬੂ ਚੇਤਨਪੁਰਾ ਵੀ ਹਾਜ਼ਰ ਸਨ।