ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਖੇਤੀ ਆਰਡੀਨੈਂਸ ਤੇ ਹੋਰ ਕਿਸਾਨ-ਮਾਰੂ ਫੈਸਲੇ ਰੱਦ ਕਰਾਉਣ ਲਈ ਅੱਜ ਪੰਜਾਬ ਭਰ ’ਚ ਐੱਸਡੀਐੱਮ ਦਫਤਰਾਂ ਅੱਗੇ ਕੇਂਦਰ ਸਰਕਾਰ ਵਿਰੁੱਧ ਧਰਨੇ ਲਾਏ ਗਏ। ਜਥੇਬੰਦੀ ਦੀ ਕਾਰਜਕਾਰੀ ਸੂਬਾ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਕਰੋਨਾ ਬਾਰੇ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਅੱਜ 13 ਜ਼ਿਲ੍ਹਿਆਂ ’ਚ 31 ਥਾਈਂ ਐੱਸਡੀਐੱਮ ਦਫ਼ਤਰ ਅਤੇ ਤੇ 7 ਥਾਈਂ ਡੀਸੀ ਦਫਤਰਾਂ ਅੱਗੇ ਧਰਨੇ ਲਾਏ ਗਏ ਤੇ ਮੰਗ ਪੱਤਰ ਸੌਂਪੇ ਗਏ। ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ’ਚ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਜੂ ਤੇ ਹੋਰ ਆਗੂ ਸ਼ਾਮਲ ਸਨ। ਇਸ ਦੌਰਾਨ ਬੁਲਾਰਿਆਂ ਨੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ। ਉਨ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਮਨਮਰਜ਼ੀ ਦਾ ਵਾਧਾ ਰੱਦ ਕਰਨ ਲਈ ਕਿਹਾ।